ਪੱਤਰ ਪ੍ਰੇਰਕ
ਦੋਰਾਹਾ, 24 ਜੁਲਾਈ
ਇਥੋਂ ਦੇ ਵਾਰਡ ਨੰਬਰ-14 ’ਚ ਦਸਮੇਸ਼ ਚੈਰੀਟੇਬਲ ਹਸਪਤਾਲ ਅੱਗੇ ਖੜ੍ਹਦੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਆਉਣ-ਜਾਣ ਵਾਲੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਕਿਹਾ ਕਿ ਇਸ ਬਦਬੂ ਮਾਰਦੇ ਗੰਦੇ ਪਾਣੀ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਅਸਰ ਪੈਂਦਾ ਹੈ ਅਤੇ ਇਸ ਨਾਲ ਹਸਪਤਾਲ ਦੇ ਮਰੀਜ਼ਾਂ ਨੂੰ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਨਗਰ ਕੌਂਸਲ ਨੂੰ ਕਹਿਣ ’ਤੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ। ਦੁਕਾਨਦਾਰ ਸੰਜੀਵ ਭਨੋਟ ਨੇ ਕਿਹਾ ਕਿ ਨਗਰ ਕੌਂਸਲ ਸਿਰਫ਼ ਖਾਨਾਪੂਰਤੀ ਕਰਦੀ ਹੈ, ਜ਼ਿਆਦਾ ਕਹਿਣ ’ਤੇ ਟੈਂਕਰ ਭਰ ਕੇ ਪਾਣੀ ਕੱਢ ਦਿੱਤਾ ਜਾਂਦਾ, ਪਰ ਕੁਝ ਸਮੇਂ ਬਾਅਦ ਮੁੜ ਉਹੀ ਸਮੱਸਿਆ ਪੈਦਾ ਹੁੰਦੀ ਹੈ। ਸਮਾਜ ਸੇਵਕ ਗੁਰਦੀਪ ਸਿੰਘ ਬਾਵਾ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਇਸ ਵਾਰਡ ਨਾਲ ਕੀਤਾ ਜਾ ਰਿਹਾ ਵਿਤਕਰਾ ਸਾਫ਼ ਦਿਖਾਈ ਦਿੰਦਾ ਹੈ। ਇਸ ਵਾਰਡ ਦਾ ਕੌਂਸਲਰ ਅਕਾਲੀ ਦਲ ਦਾ ਹੋਣ ਕਾਰਨ ਇਸ ਇਲਾਕੇ ਦੇ ਕੰਮ ਨਹੀਂ ਕੀਤੇ ਜਾਂਦੇ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਇਸ ਸਮੱਸਿਆ ਤੋਂ ਸਬੰਧਤ ਮਹਿਕਮਿਆਂ ਨੂੰ ਜਾਣੂੰ ਕਰਵਾਇਆ ਜਾਵੇਗਾ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਕਿਹਾ ਕਿ ਟਰੀਟਮੈਂਟ ਪਲਾਂਟ ਗਲਾਡਾ ਵਿਭਾਗ ਅਧੀਨ ਆਉਂਦੇ ਹਨ, ਫਿਰ ਵੀ ਉਹ ਇਸ ਦਾ ਪੱਕਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਇਹ ਸਮੱਸਿਆ ਆ ਰਹੀ ਹੈ।