ਸਤਵਿੰਦਰ ਬਸਰਾ
ਲੁਧਿਆਣਾ, 23 ਅਕਤੂਬਰ
ਪੀਏਯੂ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ੁਰੂ ਕੀਤਾ ਰੋਸ ਪ੍ਰਦਰਸ਼ਨ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਮੁਲਾਜ਼ਮਾਂ ਵੱਲੋਂ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਚਿੱਠੀਆਂ ਦਾ ਵਿਰੋਧ ਕਰਨ ਦੇ ਨਾਲ ਨਾਲ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਨਾਅਰੇਬਾਜ਼ੀ ਵੀ ਕੀਤੀ ਗਈ।
ਬਲਦੇਵ ਸਿੰਘ ਵਾਲੀਆ, ਡਾ. ਕਿੰਗਰਾ ਆਦਿ ਨੇ ਕਿਹਾ ਕਿ ਪੀਏਯੂ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਦੁੱਖ ਦੀ ਗੱਲ ਹੈ ਕਿ ਅਧਿਕਾਰੀਆਂ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਕਤੂਬਰ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਵਾਲੀਆ ਨੇ ਵੱਖ ਵੱਖ ਮੁਲਾਜ਼ਮਾਂ ਦੀਆਂ ਤਰੱਕੀਆਂ ਸਮੇਂ ਤਜ਼ਰਬਾ ਸਮਾਂ ਘੱਟ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਦੀ ਮੰਗ ਕੀਤੀ। ਦੂਜੇ ਪਾਸੇ ਪੀਏਯੂ ਦੇ ਉਪ ਕੁਲਪਤੀ ਡਾ ਬਲਦੇਵ ਸਿੰਘ ਢਿੱਲੋਂ ਨੇ ਪੀਏਯੂ ਐਂਪਲਾਈਜ਼ ਯੂਨੀਅਨ ਅਤੇ ਪੀਏਯੂ ਦਰਜਾ ਚਾਰ ਮੁਲਾਜ਼ਮ ਯੂਨੀਅਨ ਨੂੰ ਅਪੀਲ ਕੀਤੀ ਕਿ ਉਹ ਇਸ ਔਖੇ ਸਮੇਂ ਵਿੱਚ ਇਕਜੁਟਤਾ ਨਾਲ ਕਿਸਾਨੀ ਅਤੇ ਸਮੁੱਚੇ ਸਮਾਜ ਦੀ ਬਿਹਤਰੀ ਲਈ ਅੱਗੇ ਆਉਣ। ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਵੱਲੋਂ ਪ੍ਰਾਪਤ ਆਰਥਿਕ ਸਰੋਤਾਂ ਵਿੱਚੋਂ ਕਰਮਚਾਰੀਆਂ ਲਈ ਸਭ ਤੋਂ ਬਿਹਤਰ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ।