ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਜੁਲਾਈ
ਇੱਥੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਇਕੱਠੇ ਹੋਏ ਬੀਐੱਸਸੀ, ਐੱਮਐੱਸਸੀ ਅਤੇ ਪੀਐੱਚਡੀ ਦੇ ਵਿਦਿਆਰਥੀਆਂ ਨੇ ਕਿਹਾ ਕਿ ਕਈ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰੀਆਂ ਨਹੀਂ ਗਈਆਂ ਹਨ, ਜਿਸ ਦੇ ਰੋਸ ਵਜੋਂ ਉਹ 27 ਜੁਲਾਈ ਤੋਂ ਪੱਕਾ ਮੋਰਚਾ ਲਾਉਣਗੇ। ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦਾ ਮੁੱਖ ਕਿੱਤਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਪਾਸੇ ਧਿਆਨ ਨਾ ਦੇ ਕੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਇਸ ਵੇਲੇ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ 510, ਬਾਗ਼ਬਾਨੀ ਵਿਕਾਸ ਅਫ਼ਸਰ ਦੀਆਂ 150, ਐੱਸਸੀਓ ਦੀਆਂ 20 ਅਤੇ ਏਐੱਸਆਈ ਦੀਆਂ 370 ਅਸਾਮੀਆਂ ਖਾਲੀ ਪਈਆਂ ਹਨ। ਇਹ ਅਸਾਮੀਆਂ ਖਾਲੀ ਹੋਣ ਕਾਰਨ ਪੀਐੱਚਡੀ, ਐੱਮਐੱਸਸੀ ਅਤੇ ਬੀਐੱਸਸੀ (ਐਗਰੀਕਲਚਰ) ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਬੇਰੁਜ਼ਗਾਰ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਉਕਤ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਵਧੀਕ ਮੁੱਖ ਸਕੱਤਰ (ਖੇਤੀਬਾੜੀ), ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਅਸਾਮੀਆਂ ਨਾ ਭਰੀਆਂ ਗਈਆਂ ਤਾਂ 27 ਜੁਲਾਈ ਤੋਂ ’ਵਰਸਿਟੀ ਦੇ ਗੇਟ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ।