ਪੀਏਯੂ ਦੇ ਵਿਦਿਆਰਥੀਆਂ ਵੱਲੋਂ ਸਰਕਾਰ ਖ਼ਿਲਾਫ਼ ਪੱਕਾ ਧਰਨਾ ਸ਼ੁਰੂ
ਖੇਤੀਬਾਡ਼ੀ ਮਾਸਟਰਾਂ ਅਤੇ ਵੱਖ-ਵੱਖ ਵਿਭਾਗਾਂ ’ਚ ਖਾਲੀ ਅਸਾਮੀਆਂ ਭਰਨ ਦੀ ਮੰਗ
ਸਕੂਲਾਂ ਵਿੱਚ ਖੇਤੀਬਾੜੀ ਮਾਸਟਰ ਰੱਖਣ, ਪਿੰਡਾਂ ਵਿੱਚ ਖੇਤੀਬਾੜੀ ਡਾਕਟਰ ਅਤੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਦੇ ਹੱਕ ’ਚ ਅੱਜ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕ ਆਦਿ ਰੱਖਣ ਦੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਹੱਥ ਆਉਂਦੇ ਹੀ ਇਨ੍ਹਾਂ ਸਭ ਕੁੱਝ ਨੂੰ ਭੁਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਅੱਜ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿੱਚ ਪੀ ਐੱਚ ਡੀ, ਐੱਮ ਐੱਸਸੀ ਅਤੇ ਬੀ ਐੱਸਸੀ ਖੇਤੀਬਾੜੀ ਦੇ ਵਿਦਿਆਰਥੀਆਂ ਵੱਲੋਂ ਇਕੱਠੇ ਹੋ ਕੇ ਲਾਇਬ੍ਰੇਰੀ ਤੋਂ ਮਾਰਚ ਸ਼ੁਰੂ ਕਰ ਕੇ ਥਾਪਰ ਹਾਲ, ਉਪ ਕੁਲਪਤੀ ਦਫਤਰ ਦੇ ਅੱਗਿਓਂ ਰੋਸ ਮਾਰਚ ਕਰਦਿਆਂ ’ਵਰਸਿਟੀ ਦੇ ਗੇਟ ਨੰਬਰ 1 ਉੱਪਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਆਗੂਆਂ ਨੇ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਡੁੱਬਦੀ ਹੋਈ ਕਿਸਾਨੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਬਾਗਬਾਨੀ ਵਿਭਾਗ, ਮਾਰਕਫੈੱਡ ਤੇ ਪਨਸੀਡ ਸਮੇਤ ਹੋਰਨਾਂ ਸਬੰਧਤ ਮਹਿਕਮੇ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅੱਜ ਦਾ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ 17 ਵਾਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਪਾਲ ਚੀਮਾ, ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਅਨੇਕਾਂ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨੂੰ ਮਿਲਿਆ ਜਾ ਚੁੱਕਿਆ ਹੈ ਪਰ ਸਰਕਾਰ ਵੱਲੋਂ ਇਸ ਮਸਲੇ ਸਬੰਧੀ ਕੋਈ ਵੀ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ ਜਿਸ ਕਰਕੇ ਵਿਦਿਆਰਥੀਆਂ ਨੂੰ ਪੱਕੇ ਮੋਰਚੇ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਅਤੇ ਸਬੰਧਤ ਵਿਭਾਗਾਂ ਦੀਆਂ ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ।