ਸਤਵਿੰਦਰ ਸਿੰਘ ਬਸਰਾ
ਲੁਧਿਆਣਾ, 26 ਅਗਸਤ
ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਪਿਛਲੇ ਕਰੀਬ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਪੀਏਯੂ ਦੇ ਵਿਦਿਆਰਥੀਆਂ/ ਬੇਰੁਜ਼ਗਾਰਾਂ ਦੀ ਅੱਜ ’ਵਰਸਿਟੀ ਦੇ ਉਪ ਕੁਲਪਤੀ ਡਾ. ਐੱਸਐੱਸ ਗੋਸਲ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਵੱਲੋਂ ਪੰਜ ਮੈਂਬਰੀ ਕਮੇਟੀ ਸ਼ਾਮਲ ਹੋਈ।
ਪੰਜਾਬ ਦੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਇਨ੍ਹਾਂ ਵਿਦਿਆਰਥੀਆਂ ਨੇ ਉਪ ਕੁਲਪਤੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਲੰਬੇ ਸਮੇਂ ਤੋਂ ਅਸਾਮੀਆਂ ਖਾਲੀ ਹਨ, ਜਦਕਿ ਦੂਜੇ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਮੀਟਿੰਗ ਦੌਰਾਨ ਉਪ ਕੁਲਪਤੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਨੂੰ ਵਿਦਿਆਰਥੀਆਂ ਦੀ ਮੰਗ ਮੰਨਣ ਲਈ ਪੱਤਰ ਲਿਖਣਗੇ। ਇਸ ਮੀਟਿੰਗ ਵਿੱਚ ਉਪ ਕੁਲਪਤੀ ਤੋਂ ਇਲਾਵਾ ਪੀਏਯੂ ਦੇ ਹੋਰ ਕਈ ਉੱਚ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਸਵੇਰੇ 10.30 ਵਜੇ ਮੁੱਖ ਮੰਤਰੀ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਹੋਈ ਹੈ।
ਇਸ ਮੀਟਿੰਗ ਵਿੱਚ ਉਹ ਆਪਣੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਉਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਮੀਟਿੰਗ ਹਾਂ-ਪੱਖੀ ਹੋਵੇਗੀ। ਦੂਜੇ ਪਾਸੇ ਅੱਜ ਵੀ ਵਿਦਿਆਰਥੀਆਂ ਨੇ ਰੋਸ ਧਰਨਾ ਜਾਰੀ ਰੱਖਿਆ।