ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਅਗਸਤ
ਸੂਬੇ ਦੇ ਖੇਤੀਬਾੜੀ ਅਤੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕਰਦਿਆਂ ਵਿਦਿਆਰਥੀਆਂ ਦਾ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਅੱਜ ਵਿਦਿਆਰਥੀਆਂ ਨੇ ਰਿਕਸ਼ੇ ਚਲਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ। ਰੋਸ ਧਰਨੇ ’ਤੇ ਬੈਠੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ ਕਿਸਾਨ ਆਗੂ ਗੁਰਦਾਸ ਸ਼ਿੰਘ ਸ਼ੇਰਗਿੱਲ ਨੇ ਵੀ ਸ਼ਿਰਕਤ ਕੀਤੀ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ ਇੱਕ ਦੇ ਬਾਹਰ ਅੱਜ ਛੇਵੇਂ ਦਿਨ ਵੀ ਵਿਦਿਆਰਥੀਆਂ ਦਾ ਰੋਸ ਧਰਨਾ ਲੱਗਿਆ ਰਿਹਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰਿਕਸ਼ੇ ਚਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਪੀਏਯੂ ਵਿੱਚੋਂ ਐੱਮਐੱਸਸੀ ਅਤੇ ਪੀਐੱਚਡੀ ਪਾਸ ਕਰ ਚੁੱਕੇ ਅਤੇ ਮੌਜੂਦਾ ਸਮੇਂ ਪੜ੍ਹਾਈ ਕਰ ਰਹੇ ਇੰਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 500 ਦੇ ਕਰੀਬ ਅਸਾਮੀਆਂ ਸਮੇਤ ਬਾਗ਼ਬਾਨੀ ਵਿਭਾਗ ਵਿੱਚ ਵੀ ਕਈ ਅਸਾਮੀਆਂ ਖਾਲੀ ਪਈਆਂ ਹਨ। ਦੂਜੇ ਪਾਸੇ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀ ਬੇਰੁਜ਼ਗਾਰ ਘੁੰਮ ਰਹੇ ਹਨ। ਇੰਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਗਏ, ਮੀਟਿੰਗਾਂ ਹੋਈਆਂ ਪਰ ਅਜੇ ਤੱਕ ਇਸ ਪਾਸੇ ਕੁੱਝ ਨਹੀਂ ਹੋਇਆ। ਵਿਦਿਆਰਥੀਆਂ ਦੇ ਸਮਰਥਨ ਵਿੱਚ ਪਹੁੰਚੇ ਕਿਸਾਨ ਆਗੂ ਗੁਰਦਾਸ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੇ ‘ਆਪ’ ਦੀ ਸਰਕਾਰ ਨੂੰ ਤਾਂ ਹੀ ਸਤਾ ਵਿੱਚ ਲਿਆਂਦਾ ਸੀ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗੀ, ਪਰ ਸਤਾ ਵਿੱਚ ਆਉਂਦਿਆਂ ਇਸ ਨੇ ਵੀ ਪੁਰਾਣੀਆਂ ਸਰਕਾਰਾਂ ਦੇ ਰਾਹ ਚੱਲਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀ ਵਿਦਿਆਰਥੀਆਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਜੇਕਰ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇਕੱਠ ਵੀ ਕਰਨਾ ਪਿਆ ਤਾਂ ਉਨ੍ਹਾਂ ਦੀ ਜੱਥੇਬੰਦੀ ਪਿੱਛੇ ਨਹੀਂ ਹਟੇਗੀ ਅਤੇ ਵਿਦਿਆਰਥੀਆਂ ਦੀ ਗੱਲ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਕੇ ਰਹੇਗੀ। ਸ੍ਰੀ ਸ਼ੇਰਗਿੱਲ ਨੇ ਸਰਕਾਰ ਨੂੰ ਵਿਦਿਆਰਥੀਆਂ ਦੀ ਮੰਗ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ।