ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਜੁਲਾਈ
ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਸਬੰਧੀ ਪੀਏਯੂ ਦੇ ਵਿਦਿਆਰਥੀਆਂ ਵੱਲੋਂ ਦਿਨ-ਰਾਤ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਵੀ ਵਰ੍ਹਦੇ ਮੀਂਹ ਵਿੱਚ ਵਿਦਿਆਰਥੀਆਂ ਨੇ ਚਾਹ ਵੇਚ ਕਿ ਰੋਸ ਪ੍ਰਗਟਾਇਆ। ਵਿਦਿਆਰਥੀਆਂ ਨੇ ਐਲਾਨ ਕੀਤਾ ਹੈ ਕਿ ਮੰਗਾਂ ਮੰਨੇ ਜਾਣ ਤੱਕ ਇਹ ਧਰਨਾ ਜਾਰੀ ਰੱਖਿਆ ਜਾਵੇਗਾ। ਪਿਛਲੇ ਕੁਝ ਦਿਨਾਂ ਤੋਂ ਧਰਨੇ ’ਤੇ ਬੈਠੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਵਿੱਚ ਵੱਡੀ ਗਿਣਤੀ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਹਨ ਤੇ ਖੇਤੀਬਾੜੀ ਸਬੰਧੀ ਵਿਸ਼ਿਆਂ ਦੀ ਪੜ੍ਹਾਈ ਕਰਨ ਵਾਲੇ ਬਹੁਤੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਅਸਾਮੀਆਂ ਭਰਨ ਸਬੰਧੀ ਕਈ ਵਾਰ ਸਰਕਾਰੀ ਨੁਮਾਇੰਦਿਆਂ ਤੇ ਸਬੰਧਤ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ, ਪਰ ਮੌਜੂਦਾ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਦੇ ਪਾਏ ਪੂਰਨਿਆਂ ’ਤੇ ਚੱਲਦਿਆਂ ਇਨ੍ਹਾਂ ਅਸਾਮੀਆਂ ਨੂੰ ਭਰਨ ਵੱਲੋਂ ਪਾਸਾ ਵੱਟਿਆ ਹੋਇਆ ਹੈ।
ਇਸ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪਕੌੜੇ ਤੇ ਸਬਜ਼ੀਆਂ ਵੇਚੀਆਂ, ਲੋਕਾਂ ਦੇ ਬੂਟ ਪਾਲਸ਼ ਕੀਤੇ ਤੇ ਅੱਜ ਚਾਹ ਵੇਚ ਕਿ ਸਰਕਾਰੀ ਨੁਮਾਇੰਦਿਆਂ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਕਈ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ, ਪਰ ਇਸ ਦੇ ਬਾਵਜੂਦ ਉਹ ਧਰਨੇ ’ਤੇ ਡਟੇ ਹੋਏ ਹਨ। ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਖਾਲੀ ਅਸਾਮੀਆਂ ਭਰਨ ਸਬੰਧੀ ਲਿਖਤੀ ਨੋਟਿਸ ਜਾਰੀ ਨਹੀਂ ਕਰਦੀ, ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਦੇਰ ਸ਼ਾਮ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਮੋਮਬੱਤੀ ਮਾਰਚ ਕੱਢ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।