ਸਤਵਿੰਦਰ ਬਸਰਾ
ਲੁਧਿਆਣਾ, 24 ਅਗਸਤ
ਪੀਏਯੂ ਦੇ ਵਿਦਿਆਰਥੀਆਂ/ ਬੇਰੁਜ਼ਗਾਰਾਂ ਦਾ ਰੋਸ ਧਰਨੇ ਨੂੰ ਅੱਜ ਪੂਰਾ ਇੱਕ ਮਹੀਨਾ ਹੋਣ ’ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ’ਵਰਸਿਟੀ ਦੇ ਉਪ ਕੁਲਪਤੀ ਡਾ. ਐੱਸਐੱਸ ਗੌਸਲ, ਰਜਿਸਟਰਾਰ, ਡੀਨ ਅਤੇ ਡਾਇਰੈਕਟਰਾਂ ਸਮੇਤ ਵੱਡੀ ਗਿਣਤੀ ’ਚ ਵਿਦਿਆਰਥੀ ਮੌਜੂਦ ਸਨ। ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਨੂੰ ਜਗਾਉਣ ਲਈ ਵੀਰਵਾਰ ਨੂੰ ਮੱਝ ਅੱਗੇ ਬੀਨ ਵਜਾ ਕੇ ਰੋਸ ਪ੍ਰਗਟਾਇਆ ਜਾਵੇਗਾ।
ਪੀਏਯੂ ਦੇ ਵਿਦਿਆਰਥੀਆਂ ਵੱਲੋਂ ਸੂਬੇ ਦੇ ਖੇਤੀਬਾੜੀ, ਬਾਗਬਾਨੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਮੰਗ ਸਬੰਧੀ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰਾ ਇੱਕ ਮਹੀਨਾ ਵਿਦਿਆਰਥੀਆਂ ਨੇ ਵੱਖੋ-ਵੱਖਰੇ ਢੰਗ ਨਾਲ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਅਫਸੋਸ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਹੁਣ ਉਹ 25 ਅਗਸਤ ਨੂੰ ਮੱਝ ਅੱਗੇ ਬੀਨ ਵਜਾ ਕੇ ਰੋਸ ਪ੍ਰਦਰਸ਼ਨ ਕਰਨਗੇ। ਦੱਸਣਯੋਗ ਹੈ ਕਿ ਇਹ ਵਿਦਿਆਰਥੀ ਸਬਜ਼ੀਆਂ, ਬਰੈੱਡ-ਪਕੌੜੇ ਅਤੇ ਚਾਹ ਵੇਚਣ ਤੋਂ ਇਲਾਵਾ ਰਿਕਸ਼ਾ ਚਲਾ ਕੇ ਅਤੇ ਗੱਡੀਆਂ ਦੇ ਸ਼ੀਸ਼ੇ ਸਾਫ ਕਰਕੇ ਸਰਕਾਰ ਪ੍ਰਤੀ ਰੋਸ ਪ੍ਰਗਟਾ ਚੁੱਕੇ ਹਨ। ਵਿਦਿਆਰਥੀਆਂ ਦੇ ਸਮਰਥਨ ਵਿੱਚ ਹੁਣ ਤੱਕ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਕਿਸਾਨ ਅਤੇ ਸਮਾਜ ਸੇਵੀ ਜਥੇਬੰਦੀਆਂ ਵੀ ਅੱਗੇ ਆ ਚੁੱਕੀਆਂ ਹਨ। ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਧਰਨਾ ਜਾਰੀ ਰੱਖਿਆ ਜਾਵੇਗਾ।