ਖੇਤਰੀ ਪ੍ਰਤੀਨਿਧ
ਲੁਧਿਆਣਾ, 27 ਅਕਤੂਬਰ
ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਵਿਸ਼ੇਸ਼ ਤੌਰ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਮੁੱਖ ਸਕੱਤਰ (ਵਿਕਾਸ) ਅਤੇ ਪੀਏਯੂ ਦੇ ਉਪ ਕੁਲਪਤੀ ਡੀ.ਕੇ. ਤਿਵਾੜੀ ਵੀ ਮੌਜੂਦ ਸਨ।
ਇਸ ਮੌਕੇ ਸ੍ਰੀ ਨਾਭਾ ਨੇ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਪੂਰੇ ਭਾਰਤ ਦਾ ਅੰਨ ਭੰਡਾਰ ਭਰਨ ਵਿੱਚ ਪੰਜਾਬ ਦੀ ਤਕਨੀਕੀ ਅਗਵਾਈ ਪੀਏਯੂ ਨੇ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭੂਗੋਲਿਕ ਤੌਰ ’ਤੇ ਕੁਝ ਜ਼ੋਨਾਂ ਵਿੱਚ ਵੰਡ ਕੇ ਖੇਤੀ ਵਿਕਾਸ ਦਾ ਮਾਡਲ ਉਸਾਰਨ ਦੀ ਜ਼ਿੰਮੇਵਾਰੀ ਪੀਏਯੂ ਮਾਹਿਰਾਂ ਦੀ ਹੈ, ਇਸ ਲਈ ਹਰ ਸੰਭਵ ਸਹਾਇਤਾ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ੍ਰੀ ਤਿਵਾੜੀ ਨੇ ਖੇਤੀਬਾੜੀ ਮੰਤਰੀ ਸ੍ਰੀ ਨਾਭਾ ਦਾ ਸਵਾਗਤ ਕੀਤਾ। ਉਨ੍ਹਾਂ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਪੀਏਯੂ ਦੇ ਨਿਰਦੇਸ਼ਕ (ਖੋਜ) ਡਾ. ਨਵਤੇਜ ਸਿੰਘ ਬੈਂਸ ਨੇ ਯੂਨੀਵਰਸਿਟੀ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਵਿੱਚ ਦੱਸਿਆ। ਇਸ ਮੌਕੇ ਖੇਤੀਬਾੜੀ ਮੰਤਰੀ ਨੂੰ ਸ਼ਾਲ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਪੀਏਯੂ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਯੂਨੀਵਰਸਿਟੀ ਵਿਚ ਆਉਣ ਲਈ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਹਰ ਲਿਹਾਜ਼ ਨਾਲ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਵੱਲ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ (ਪਸਾਰ ਸਿੱਖਿਆ) ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ (ਵਿਦਿਆਰਥੀ ਭਲਾਈ) ਡਾ. ਰਵਿੰਦਰ ਕੌਰ ਧਾਲੀਵਾਲ, ਖੇਤੀਬਾੜੀ ਕਾਲਜ ਦੇ ਡੀਨ ਡਾ. ਐੱਮ.ਆਈ.ਐੱਸ. ਗਿੱਲ, ਬੇਸਿਕ ਸਾਇੰਸਿਜ਼ ਕਾਲਜ ਦੇ ਡੀਨ ਡਾ. ਸ਼ੰਮੀ ਕਪੂਰ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਅਸ਼ੋਕ ਕੁਮਾਰ, ਅਪਰ ਨਿਰਦੇਸ਼ਕ (ਸੰਚਾਰ) ਡਾ. ਤੇਜਿੰਦਰ ਸਿੰਘ ਰਿਆੜ ਅਤੇ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਪੰਜਾਬ ਯੂਥ ਵਿਕਾਸ ਬੋਰਡ ਦੇ ਸੁਖਵਿੰਦਰ ਸਿੰਘ ਬਿੰਦਰਾ ਅਤੇ ਲੀਗਲ ਕੋਆਰਡੀਨੇਟਰ ਹਰਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।