Penalties for Polluting Buddha Nullah: ਡੇਅਰੀ ਮਾਲਕਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾਵੇ: ਸੀਚੇਵਾਲ
ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ ਦੀ ਮੀਟਿੰਗ; ਡੇਅਰੀ ਮਾਲਕਾਂ ’ਤੇ ਵਾਤਾਵਰਨ ਮੁਆਵਜ਼ਾ ਲਗਾਉਣ ਦੀ ਤਜਵੀਜ਼ ਰੱਖੀ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਅਤੇ ਬੁੱਢੇ ਦਰਿਆ ਵਿੱਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਖ਼ਿਲਾਫ਼ ਸ਼ਿਕੰਜਾ ਕੱਸਣ ਲਈ ਡੇਅਰੀ ਮਾਲਕਾਂ ’ਤੇ ਵਾਤਾਵਰਨ ਮੁਆਵਜ਼ਾ ਲਗਾਉਣ ਦੀ ਤਜਵੀਜ਼ ਰੱਖੀ।
ਸੰਤ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡੇਅਰੀ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋੜ ਪੈਣ ’ਤੇ ਵਾਤਾਵਰਨ ਮੁਆਵਜ਼ਾ ਲਗਾਉਣ ਤਾਂ ਜੋ ਉਨ੍ਹਾਂ ਨੂੰ ਬੁੱਢੇ ਦਰਿਆ ਵਿੱਚ ਗੋਹਾ ਸੁੱਟਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੀਮਾ ਦੇ ਅੰਦਰ ਜਾਂ ਬਾਹਰ ਦਰਿਆ ਵਿੱਚ ਕੂੜਾ ਸੁੱਟਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਮੀਟਿੰਗ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਏ ਸੀ ਪੀ ਪੂਰਬੀ ਰਾਜ ਕੁਮਾਰ ਸਮੇਤ ਪਾਵਰਕੌਮ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਈ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ ਟੀ ਪੀ) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ।
