ਪੈਨਸ਼ਨਰ ਐਸੋਸੀਏਸ਼ਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਅੱਜ ਇਥੇ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਅਤੇ ਟ੍ਰਾਂਸਮਿਸ਼ਨ ਮੰਡਲ ਖੰਨਾ ਦੇ ਮੈਂਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿੱਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਭ ਤੋਂ ਪਹਿਲਾਂ ਵਿਛੜੇ ਪੈਨਸ਼ਨਰਾਂ ਅਤੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹੋਈ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਹਨ ਸਿੰਘ ਸ਼ੰਭੂ ਅਤੇ ਵਿਧੀ ਚੰਦ ਨੇ ਪਾਵਰਕੌਮ ਟ੍ਰਾਂਸਕੋ ਮੈਨੇਜਮੈਂਟ, ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ, ਸੰਸਾਰੀਕਰਨ ਅਤੇ ਉਦਾਰੀਕਰਨ ਦੀ ਨੀਤੀ ਲਾਗੂ ਕਰਨਾ ਬੰਦ ਕੀਤਾ ਜਾਵੇ, ਲਾਲੜੂ ਤੇ ਖਰੜ ਡਿਵੀਜ਼ਨ ਸਣੇ ਪੰਜਾਬ ਦੀਆਂ ਹੋਰ 10 ਡਿਵੀਜ਼ਨਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ, 2004 ਤੋਂ ਬਾਅਦ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 44 ਲੇਬਰ ਕਾਨੂੰਨ ਤੋੜ ਕੇ ਬਣਾਏ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਪੈਨਸ਼ਨ ਤੇ ਮੁਲਾਜ਼ਮਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਕੈਸ਼ਲੈੱਸ ਸਕੀਮ ਮੁੜ ਚਾਲੂ ਕੀਤੀ ਜਾਵੇ, ਪੈਨਸ਼ਨਰਾਂ ਦੇ ਸਕੇਲ ਦਾ ਬਕਾਇਆ ਇਕ ਕਿਸ਼ਤ ਵਿੱਚ ਦਿੱਤਾ ਜਾਵੇ, ਬਿਜਲੀ ਰਿਆਇਤ ਦਿੱਤੀ ਜਾਵੇ, 23 ਸਾਲਾਂ ਸਕੇਲ ਬਿਨਾਂ ਸ਼ਰਤ ਜਾਰੀ ਕੀਤਾ ਜਾਵੇ ਆਦਿ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਐਲਾਨੇ 13 ਅਕਤੂਬਰ ਨੂੰ ਸੰਘਰਸ਼ ਪ੍ਰੋਗਰਾਮ ਵਿੱਚ ਖੰਨਾ ਸਰਕਲ ਦਫ਼ਤਰ ਅੱਗੇ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਆਗੂਆਂ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਕਰ ਰਹੇ ਪੰਜਾਬ ਅਤੇ ਦੇਸ਼ ਦੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਮੂਹ ਪੈਨਸ਼ਨਰ ਸਾਥੀਆਂ ਨੂੰ ਪੰਜਾਬੀ ਅਤੇ ਪ੍ਰਵਾਸੀ ਫਿਰਕਾਪ੍ਰਸਤੀ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਹੁੰਦੇ ਹੋਏ ਫੁੱਟ ਪਾਓ ਚਾਲਾਂ ਤੋਂ ਬੱਚ ਕੇ ਰਹਿਣ ਲਈ ਆਪਣੀ ਏਕਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਲਵਾਰ ਸਿੰਘ, ਵਰਿਆਮ ਸਿੰਘ, ਜਗਦੇਵ ਸਿੰਘ, ਸੁਰਿੰਦਰ ਕੁਮਾਰ ਕੌਂਸਲ, ਮਨੀਰਾਮ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਸੇਰ ਸਿੰਘ, ਪਿਆਰਾ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।