ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਰਣਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ ਗਈਆਂ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਪੈਨਸ਼ਨਰਜ਼ ਪ੍ਰਤੀ ਅਪਣਾਈ ਨਾਂਹਪੱਖੀ ਨੀਤੀ ਅਤੇ ਜਾਇਜ਼ ਮੰਗਾਂ ਨੂੰ ਅਣਦੇਖਿਆਂ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਵਿਧਾਇਕ ਅਤੇ ਹੋਰ ਮੰਤਰੀ ਖਜ਼ਾਨੇ ਦੀ ਘੋਰ ਦੁਰਵਰਤੋਂ ਕਰ ਰਹੇ ਹਨ ਅਤੇ ਮਾਮੂਲੀ ਕਾਰਜਾਂ ਦੇ ਉਦਘਾਟਨ ਲਈ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਵੀ ਖਜ਼ਾਨੇ ਨੂੰ ਖੋਰਾ ਲਾ ਰਹੀ ਹੈ ਪ੍ਰਤੂੰ ਸਾਢੇ ਤਿੰਨ ਸਾਲ ਬੀਤ ਜਾਣ ’ਤੇ ਵੀ ਪੈਨਸ਼ਨਰਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਵਾਰ ਵਾਰ ਮੀਟਿੰਗ ਲਈ ਸਮਾਂ ਦੇ ਕੇ ਮੁੜ ਰੱਦ ਕਰਨਾ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਬਦ-ਨੀਅਤੀ ਜ਼ਾਹਰ ਹੁੰਦੀ ਹੈ। ਮੀਟਿੰਗ ਵਿਚ ਪੁਰਾਣੀ ਪੈਨਸ਼ਨਲ ਸਕੀਮ ਬਹਾਲ ਕਰਨ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਇਸ ਸਕੀਮ ਨੂੰ ਲਾਗੂ ਨਾ ਕਰਨ ਦੀ ਨਿੰਦਾ ਕੀਤੀ ਗਈ। ਪੈਨਸ਼ਨਰਾਂ ਨੇ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਕਿਸਾਨ ਵਿਰੋਧੀ ਲੈਂਡ ਪੂਲਿੰਗ ਨੀਤੀ ਜਿਸ ਨਾਲ ਕਿਸਾਨੀ, ਖੇਤ ਮਜ਼ਦੂਰ ਅਤੇ ਖੇਤੀ ਨਾਲ ਸਬੰਧਤ ਹਜ਼ਾਰਾਂ ਪਰਿਵਾਰਾ ਹੱਥੋਂ ਰੁਜ਼ਗਾਰ ਖੁੱਸ ਜਾਵੇਗਾ ਦਾ ਵਿਰੋਧ ਕਰਦਿਆਂ ਕਿਸਾਨਾਂ ਵੱਲੋਂ ਵਿੱਢੇ ਜਾਣ ਵਾਲੇ ਸੰਘਰਸ਼ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ। ਇਸ ਮੌਕੇ ਕਮਲਜੀਤ ਸਿੰਘ, ਰੁਪਿੰਦਰ ਸਿੰਘ, ਪਿਆਰਾ ਸਿੰਘ, ਸਤਿੰਦਰਪਾਲ ਸਿੰਘ, ਅਵਤਾਰ ਸਿੰਘ ਸੈਣੀ ਤੇ ਹੋਰ ਹਾਜ਼ਰ ਸਨ।