ਪੱਤਰ ਪ੍ਰੇਰਕ
ਦੋਰਾਹਾ, 6 ਮਈ
ਇੱਥੇ ਗੌਰਮਿੰਟ ਪੈਨਸ਼ਨਰਜ਼ ਐਸੋੋਸ਼ੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਅਤੇ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੀ ਨਿੰਦਾ ਕੀਤੀ ਗਈ। ਇਸ ਮੌਕੇ ਕੌਸ਼ਲ ਨੇ ਕਿਹਾ ਕਿ ਚੋਣਾਂ ਅੰਦਰ ਵੱਖ-ਵੱਖ ਪਾਰਟੀਆਂ ਲੋਕ ਮੁੱਦਿਆਂ ਤੋਂ ਧਿਆਨ ਹਟਾ ਕੇ ਇਕ ਦੂਜੇ ਉੱਪਰ ਚਿੱਕੜ ਸੁੱਟਣ ’ਤੇ ਜ਼ੋਰ ਦੇ ਰਹੀਆਂ ਹਨ ਅਤੇ ਲੋਕਾਂ ਨੂੰ ਮੂਰਖ ਬਣਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਗੁਰਦਿਆਲ ਸਿੰਘ ਦਲਾਲ ਅਤੇ ਰਣਜੀਤ ਸਿੰਘ ਟਿਵਾਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਦਾਲਤਾਂ ਵੱਲੋਂ ਪੈਨਸ਼ਨਰਾਂ ਦੇ ਹੱਕ ਵਿਚ ਕੀਤੇ ਫੈਸਲਿਆਂ ਨੂੰ ਲਾਗੂ ਨਾ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚੋਣਾਂ ਵਿਚ ਸਬਕ ਸਿਖਾਇਆ ਜਾਵੇਗਾ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਨੂੰ ਸਵਾਲ ਕੀਤਾ ਜਾਵੇ ਕਿ ਸਰਕਾਰ ਨੇ ਪੈਨਸ਼ਨਰਾਂ ਲਈ ਕੀ ਕੀਤਾ ਹੈ। ਇਸ ਮੌਕੇ ਕਰਮ ਸਿੰਘ, ਕਮਲਜੀਤ ਸਿੰਘ, ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।