ਖੇਤਰੀ ਪ੍ਰਤੀਨਿਧ
ਲੁਧਿਆਣਾ, 27 ਜੂਨ
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਲੁਧਿਆਣਾ ਦੇ ਪੈਨਸ਼ਨਰਜ਼ ਭਵਨ ਵਿੱਚ ਹੋਈ। ਮੀਟਿੰਗ ’ਚ ਫਰੰਟ ਨਾਲ ਜੁੜੀਆਂ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਨੇ ਕਮਿਸ਼ਨ ਵੱਲੋਂ ਪੈਨਸ਼ਨਰਾਂ ਦੇ ਭੱਤਿਆਂ ਵਿੱਚ ਕੋਈ ਵਾਧਾ ਨਾ ਕੀਤੇ ਜਾਣ ’ਤੇ ਰੋਸ ਪ੍ਰਗਟ ਕੀਤਾ ਹੈ। ਇਸ ਮੀਟਿੰਗ ਵਿੱਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ, ਪੰਜਾਬ ਪੈਨਸ਼ਨਰਜ਼ ਮਹਾਂਸੰਘ, ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਗੌਰਮਿੰਟ ਪੈਨਸ਼ਨਰਜ਼, ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਕਰਮ ਸਿੰਘ ਧਨੋਆ, ਕੁਲਵਰਨ ਸਿੰਘ, ਪ੍ਰੇਮ ਚੰਦ ਅਗਰਵਾਲ, ਧਨਵੰਤ ਸਿੰਘ ਭੱਠਲ, ਪ੍ਰੇਮ ਸਾਗਰ ਸ਼ਰਮਾ, ਰਾਮ ਨਾਥ, ਕੁਲਵੰਤ ਰਾਏ ਆਦਿ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਜਨਵਰੀ 2016 ਨੂੰ ਮਿਲਦੀ ਪੈਨਸ਼ਨ ਅਤੇ ਪੂਰਕ ਭੱਤਿਆਂ ਵਿੱਚ ਤਨਖਾਹ ਕਮਿਸ਼ਨ ਅਤੇ ਵਿੱਤ ਵਿਭਾਗ ਨੇ ਕੋਈ ਵਾਧਾ ਨਹੀਂ ਕੀਤਾ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜੇਕਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਸਮੂਹ ਜਥੇਬੰਦੀਆਂ ਵੱਲੋਂ ਜਲਦੀ ਹੀ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।