ਪੱਤਰ ਪ੍ਰੇਰਕ
ਦੋਰਾਹਾ, 5 ਫਰਵਰੀ
ਇੱਥੇ ਅੱਜ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇਕੱਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਲਾਗੂ ਕਰਨ ਦੀ ਨਿਖੇਧੀ ਕਰਦਿਆਂ ਚੋਣਾਂ ਦੌਰਾਨ ਕਾਂਗਰਸ ਸਰਕਾਰ ਦਾ ਵਿਰੋਧ ਦਾ ਫ਼ੈਸਲਾ ਕੀਤਾ ਗਿਆ। ਕਾਂਗਰਸ ਵੱਲੋਂ ਪਿਛਲੀਆਂ ਚੋਣਾਂ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਖ਼ਾਸ ਕਰ ਕੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਸ਼ੈਸ਼ਨ ਦੌਰਾਨ ਦਿੱੱਤੇ ਬਿਆਨ ਤੋਂ ਪਿੱਛੇ ਹੱਟਣ ਦੀ ਨਿਖੇਧੀ ਕਰਦਿਆਂ ਬਠਿੰਡਾ ਵਾਸੀਆਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵਿੱਤ ਮੰਤਰੀ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ। ਅੰਤ ਵਿਚ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਪ੍ਰੀਤਮ ਸਿੰਘ ਨੂੰਹ ਦੀ ਅਚਾਨਕ ਮੌਤ ’ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਗੁਰਦਿਆਲ ਦਲਾਲ, ਰਣਜੀਤ ਸਿੰਘ ਟਿਵਾਣਾ, ਪਵਿੱਤਰ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।