ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਕਿੱਕਲੀਆਂ ਅਤੇ ਚੁਟਕਲੇ ਸੁਣਾ ਕੇ ਭਗਵੰਤ ਮਾਨ ਸਟੇਜ ਤਾਂ ਬਾਖੂਬੀ ਚਲਾ ਸਕਦੇ ਹਨ ਪਰ ਸਟੇਟ ਚਲਾਉਣਾ ਉਨ੍ਹਾਂ ਦੇ ਵਸ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਦੀਆਂ ਰੈਲੀਆਂ ਵਿੱਚ ਸਿਰਫ਼ ਮਨੋਰੰਜਨ ਕਰਨ ਲਈ ਜਾਂਦੇ ਹਨ।
ਉਹ ਅੱਜ ਕੋਟ ਮੰਗਲ ਸਿੰਘ ਵਿੱਚ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਨਾਲ-ਨਾਲ ਸੂਬੇ ਦੇ ਆਰਥਿਕ ਹਾਲਾਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹਨ। ਚੀਮਾ ਨੇ ਕਿਹਾ ਕਿ ਲੋਕ ਬੇਸਬਰੀ ਨਾਲ ਚੋਣਾਂ ਦੀ ਉਡੀਕ ਰਹੇ ਹਨ ਤਾਂ ਜੋ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰ ਕੇ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ। ਸ੍ਰੀ ਚੀਮਾ ਨੇ ਵਰਕਰਾਂ ਨੂੰ ਕਿਹਾ ਕਿ ਉਹ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਅਸਫ਼ਲਤਾਵਾਂ ਬਾਰੇ ਜਾਣਕਾਰੀ ਦੇਣ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

