ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਜਨਵਰੀ
ਪਿਛਲੇ ਕਈ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਸੂਬਾ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਦਿੱਤੀ ਹੈ। ਇਸ ਨਾਲ ਜਿੱਥੇ ਸ਼ਹਿਰ ਦੇ ਕਈ ਇਲਾਕਿਆਂ ਦਾ ਮਾੜਾ ਹਾਲ ਹੈ, ਉੱਥੇ ਇਥੋਂ ਦੇ ਲਾਈਨੋਂਪਾਰ ਇਲਾਕੇ ’ਚ ਹਾਲਾਤ ਨਰਕ ਵਰਗੇ ਬਣ ਗਏ ਹਨ। ਆਮ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਗਲੀਆਂ ’ਚ ਚਿੱਕੜ ਕਾਰਨ ਲੋਕ ਸਲਿੱਪ ਹੋ ਰਹੇ ਹਨ। ਇਸ ਮੌਕੇ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਜਸਦੀਪ ਕੌਰ ਤੇ ਯਾਦਵਿੰਦਰ ਸਿੰਘ ਯਾਦੂ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਯਾਦੂ ਨੇ ਕਿਹਾ ਕਿ ਮੌਜੂਦਾ ਸਰਕਾਰ ਤੇ ਵਿਧਾਇਕ ਦੀਆਂ ਗਲਤੀਆਂ ਕਾਰਨ ਲੋਕ ਸੰਕਟ ਵਿਚ ਹਨ, ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਜ਼ਰੂਰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਨੂੰ 2016 ਵਿਚ ਕੇਂਦਰ ਸਰਕਾਰ ਵੱਲੋਂ ਅਮਰੂਤ ਸਕੀਮ ਤਹਿਤ 100 ਫੀਸਦੀ ਸੀਵਰੇਜ ਤੇ ਵਾਟਰ ਸਪਲਾਈ ਲਈ ਚੁਣਿਆ ਗਿਆ ਸੀ, 2017 ਵਿਚ ਕਾਂਗਰਸ ਸਰਕਾਰ ਆਉਣ ’ਤੇ ਵੀ ਖੰਨਾ ’ਚ ਇਹ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਏ ਗਏ। ਯਾਦੂ ਨੇ ਕਿਹਾ ਕਿ ਬਰਸਾਤ ਸਮੇਂ ਇਸ ਇਲਾਕੇ ਦੀ ਹਾਲਤ ਨਰਕ ਵਰਗੀ ਬਣ ਜਾਂਦੀ ਹੈ। ਇਸ ਮੌਕੇ ਜਸਵਿੰਦਰ ਕੌਰ, ਜੋਤੀ ਰਾਣੀ, ਮਨਦੀਪ ਸਿੰਘ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਰੀਬ ਦੋ ਸਾਲ ਤੋਂ ਪੱਟੇ ਇਸ ਰੋਡ ਤੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ।