ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਮਈ
ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਯੂਥ ਆਗੂ ਗੁਰਪ੍ਰੀਤ ਸਿੰਘ ਵੱਲੋਂ ਹਲਕਾ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ। ਇਸ ਵਿੱਚ ਇਲਾਕਾ ਵਾਸੀਆਂ ਨੇ ਸ੍ਰੀ ਢਿੱਲੋਂ ਨੂੰ ਵੋਟਾਂ ਪਾਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੀ ਗ਼ਲਤੀ ਦਾ ਖ਼ਾਮਿਆਜ਼ਾ ਭੁਗਤ ਰਹੇ ਹਨ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਇਸ ਲਈ ਹੁਣ ਪੰਜਾਬ ਨੂੰ ਬਚਾਉਣ ਲਈ ਸ਼ੁਰੂਆਤ ਕਰਨ ਦਾ ਵੇਲਾ ਹੈ। ਇਸ ਲਈ ਤੱਕੜੀ ਦੇ ਚੋਣ ਨਿਸ਼ਾਨ ਉੱਪਰ ਮੋਹਰ ਲਗਾ ਕੇ ਪੰਥਕ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਆਗੂ ਚੋਣਾਂ ਤੋਂ ਪਹਿਲਾਂ ਬਹੁਤ ਦਾਅਵੇ ਕਰਦੇ ਸਨ ਕਿ ਕੇਜਰੀਵਾਲ ਕੋਲ ਐਜਿਹੀਆਂ ਯੋਜਨਾਵਾਂ ਹਨ ਜਿਨ੍ਹਾਂ ਨਾਲ ਹਜ਼ਾਰਾਂ ਕਰੋੜ ਰੁਪਏ ਬਚਾ ਕੇ ਪੰਜਾਬ ਦੀ ਬਿਹਤਰੀ ਲਈ ਖ਼ਰਚ ਕੀਤੇ ਜਾਣਗੇ ਜਦੋਂਕਿ ਇਸ ਦੇ ਉਲਟ ਮਾਨ ਸਰਕਾਰ ਪੰਜਾਬ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾਈ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।
ਉਨ੍ਹਾਂ ਕਿਹਾ ਕਿ ਢਾਈ ਸਾਲਾਂ ਵਿੱਚ ਹੀ ਪੰਜਾਬ ਸਰਕਾਰ ਦੀਆਂ ਗਾਰੰਟੀਆਂ ਅਤੇ ਦਾਅਵਿਆਂ ਦੀ ਹਵਾ ਨਿਕਲ ਚੁੱਕੀ ਹੈ ਤੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਹੈ। ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਅਤੇ ਵਾਰਡ ਪ੍ਰਧਾਨ ਸੁੱਚਾ ਸਿੰਘ ਥਿੰਦ ਨੇ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਸ੍ਰੀ ਢਿੱਲੋਂ ਨੂੰ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ।
ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਕਾਰਕੁਨ ਅਕਾਲੀ ਦਲ ’ਚ ਸ਼ਾਮਲ
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵਾਰਡ ਨੰਬਰ-67 ਸਾਹਮਣੇ ਨੋਵਾ ਬੇਕਰੀ ਹੈਬੋਵਾਲ ਵਿੱਚ ਹੋਈ ਚੋਣ ਮੀਟਿੰਗ ਵਿੱਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਸ੍ਰੀ ਢਿੱਲੋਂ ਦੀ ਹਮਾਇਤ ਦਾ ਐਲਾਨ ਕੀਤਾ। ਹਲਕਾ ਇੰਚਾਰਜ ਆਰਡੀ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਕੈਂਡੀ ਭੱਲਾ ਸਰਕਲ ਪ੍ਰਧਾਨ ਹੈਬੋਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸ੍ਰੀ ਢਿੱਲੋਂ ਨੇ ਇਨ੍ਹਾਂ ਸਾਰਿਆਂ ਦਾ ਸਨਮਾਨ ਕਰਦਿਆਂ ਅਕਾਲੀ ਦਲ ਦੀ ਹਮਾਇਤ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕੌਮੀ ਪਾਰਟੀਆਂ ਨੇ ਪੰਜਾਬ ਨਾਲ ਹਮੇਸ਼ਾਂ ਹੀ ਧੱਕੇਸ਼ਾਹੀ ਕੀਤੀ ਹੈ ਤੇ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਦੀਆਂ ਸਾਜ਼ਿਸ਼ਾਂ ਕਾਰਨ ਖ਼ੁਸ਼ਹਾਲ ਸੂਬਾ ਕਮਜ਼ੋਰ ਹੋ ਰਿਹਾ ਹੈ। ਇਸ ਦੀਆਂ ਭਵਿੱਖ ਦੀਆਂ ਪੀੜ੍ਹੀਆਂ ਕਰਜ਼ਾਈ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਮਹਿਲਾ ਵਿੰਗ ਆਗੂ ਰੁਚੀ ਵਲਯਾਟ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਮੁਨੀਸ਼ ਵਲਯਾਟ ਨੇ ਢਿੱਲੋਂ ਦਾ ਸਨਮਾਨ ਕਰਦਿਆਂ ਵੋਟਾਂ ਪਾ ਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ।