ਗਗਨਦੀਪ ਅਰੋੜਾ
ਲੁਧਿਆਣਾ, 4 ਜੂਨ
ਪੰਜਾਬ ਦੇ ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਵੱਡੀ ਗਿਣਤੀ ਸਨਅਤਾਂ ਮੁੜ ਤੋਂ ਸ਼ੁਰੂ ਹੋ ਗਈਆਂ ਹਨ, ਇਸ ਕਰਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜੋ ਪਰਵਾਸੀ ਮਜ਼ਦੂਰ ਪੰਜਾਬ ਵਾਪਸ ਆ ਕੇ ਕੰਮ ’ਤੇ ਮੁੜਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵਾਪਸ ਆਉਣ ਦੀ ਆਗਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇੱਥੋਂ ਤੱਕ ਪਰਵਾਸੀ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਨੇ ਦੋ ਬੱਸਾਂ ਵੀ ਭੇਜੀਆਂ ਸਨ ਜੋ ਅੱਜ ਹੀ ਹੁਸ਼ਿਆਰਪੁਰ ਵਾਪਸ ਆਈਆਂ ਹਨ। ਉਹ ਸਥਾਨਕ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਾਪਸ ਆ ਕੇ ਕੰਮ ਨਾਲ ਜੁੜਨ ਇੱਛੁਕ ਪਰਵਾਸੀ ਮਜ਼ਦੂਰਾਂ ਲਈ ਰੇਲਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸੂਬੇ ਦੀਆਂ ਸਨਅਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਕਾਰਨ ਸੂਬੇ ਦੇ ਪਰਵਾਸੀ ਮਜ਼ਦੂਰਾਂ ਨੂੰ ਕੋਈ ਦਿੱਕਤ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਭਰੋਸਾ ਦਿੱਤਾ ਕਿ ‘ਮਿਸ਼ਨ ਫ਼ਤਹਿ’ ਤਹਿਤ ਸੂਬੇ ਵਿੱਚ ਸਨਅਤਾਂ ਨੂੰ ਸੁਚਾਰੂ ਰੂਪ ਵਿੱਚ ਮੁੜ ਚਲਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।
ਸੂਬੇ ਵਿੱਚ ਪੀਪੀਈ ਕਿੱਟਾਂ ਦੀ ਉਤਪਾਦਨ ਸਮਰੱਥਾ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਵੀ ਕੇਂਦਰੀ ਵਣਜ ਅਤੇ ਸਨਅਤਾਂ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਲੋੜ ਵੇਲੇ ਇਨ੍ਹਾਂ ਕਿੱਟਾਂ ਨੂੰ ਹੋਰ ਦੇਸ਼ਾਂ ਨੂੰ ਭੇਜਣ ਦੀ ਆਗਿਆ ਦਿੱਤੀ ਜਾਵੇ। ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਹ ਪੰਜਾਬ ਵਿੱਚ ਤਿਆਰ ਹੋਣ ਵਾਲੇ ਮਾਸਕ ਅਤੇ ਪੀਪੀਈ ਕਿੱਟਾਂ ਨੂੰ ਖਰੀਦਣ ਵਿੱਚ ਦਿਲਚਸਪੀ ਦਿਖਾਉਣ। ਇਹ ਸਮੱਗਰੀ ਤਿਆਰ ਕਰਨ ਲਈ ਸੂਬੇ ਵਿੱਚ 103 ਯੂਨਿਟ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਸ਼ਕਿਲ ਘੜੀ ਵਿੱਚ ਸਨਅਤਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹੋਰ ਕਰਜ਼ਾ ਦੇਣ ਦੀ ਬਿਜਾਏ ਸਨਅਤਕਾਰਾਂ ਵੱਲੋਂ ਪਿਛਲੇ ਛੇ ਮਹੀਨੇ ਦੌਰਾਨ ਲਏ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਸੂਬੇ ਦੇ 20 ਹਜ਼ਾਰ ਨੌਜਵਾਨਾਂ ਨੂੰ ਬੁਆਇਲਰ ਆਪਰੇਟਰ ਦੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਨਅਤਾਂ ਦੇ ਲਾਭ ਲਈ ਮੰਡੀ ਗੋਬਿੰਦਗੜ੍ਹ, ਮੱਤੇਵਾੜਾ, ਰਾਜਪੁਰਾ, ਮੁਹਾਲੀ ਅਤੇ ਬਠਿੰਡਾ ਵਿੱਚ ਨਵੇਂ ਸਨਅਤੀ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਵੈਟ, ਜੀਐੱਸਟੀ ਰਿਫੰਡ, ਫਿਕਸਡ ਬਿਜਲੀ ਖਰਚੇ ਅਤੇ ਸਥਾਨਕ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ ਦੇ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ।