ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਜੂਨ
ਜ਼ਿਲ੍ਹਾ ਲੁਧਿਆਣਾ ਵਿੱਚ ਤਾਇਨਾਤ ਇੱਕ ਟਰੈਫਿਕ ਪੁਲੀਸ ਮੁਲਾਜ਼ਮ ਵੱਲੋਂ ਪਿਸਤੌਲ ਨਾਲ ਤਸਵੀਰ ਫੇਸਬੁੱਕ ’ਤੇ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਤਸਵੀਰ 3-4 ਦਿਨ ਪਹਿਲਾਂ ਦੀ ਹੈ, ਜਿਸ ਵਿੱਚ ਹੈੱਡ ਕਾਂਸਟੇਬਲ ਹੱਥ ’ਚ ਪਿਸਤੌਲ ਫੜ ਕੇ ਪੋਜ਼ ਬਣਾਉਂਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਿਕ ਇਹ ਤਸਵੀਰ ਵਾਇਰਲ ਹੋਣ ਮਗਰੋਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆ ਗਈ ਹੈ। ਮਾਮਲੇ ਬਾਰੇ ਜ਼ਿਲ੍ਹਾ ਪੁਲੀਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਕਿਹਾ ਕਿ ਇਸ ਬਾਰੇ ਮੁਲਾਜ਼ਮ ਨੂੰ ਤਸਵੀਰ ਹਟਾਉਣ ਲਈ ਆਖ ਦਿੱਤਾ ਹੈ, ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਪੁਲੀਸ ਵਿਭਾਗ ਦਾ ਕੋਈ ਮੁਲਾਜ਼ਮ ਸੋਸ਼ਲ ਮੀਡੀਆ ’ਤੇ ਆਪਣੇ ਹਥਿਆਰ ਦਾ ਦਿਖਾਵਾ ਨਹੀਂ ਕਰ ਸਕਦਾ। ਪੁਲੀਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਪਿਸਤੌਲ ਕਿਸ ਦੀ ਹੈ।