ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੇ ਦੀ ਭੇਟ ਚੜ੍ਹੇ ਨੌਜਵਾਨ ਦੇ ਸਸਕਾਰ ਮਗਰੋਂ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ

ਪਰਿਵਾਰ ਨੇ ਪੁਲੀਸ ’ਤੇ ਢਿੱਲੀ ਕਾਰਗੁਜ਼ਾਰੀ ਦਾ ਦੋਸ਼ ਲਾਉਂਦਿਅਾਂ ਅਾਜ਼ਾਦੀ ਦਿਹਾਡ਼ੇ ਦੇ ਸਮਾਗਮ ਵਿੱਚ ਲਾਸ਼ ਲਿਜਾਣ ਦਾ ਕੀਤਾ ਸੀ ਐਲਾਨ
Advertisement

ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਉਸ ਸਮੇਂ ਸੁੱਖ ਦਾ ਸਾਹ ਲਿਆ, ਜਦੋਂ ਨਸ਼ੇ ਦੀ ਭੇਟ ਚੜ੍ਹੇ ਪਿੰਡ ਗੁੱਜਰਵਾਲ ਦੇ 18 ਸਾਲਾ ਨੌਜਵਾਨ ਤਰਨਪ੍ਰੀਤ ਸਿੰਘ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ। ਮ੍ਰਿਤਕ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਬੀਤੇ ਦਿਨ ਪੁਲੀਸ ਦੀ ਢਿੱਲੀ ਕਾਰਵਾਈ ਕਾਰਨ ਮ੍ਰਿਤਕ ਦੀ ਲਾਸ਼ ਆਜ਼ਾਦੀ ਦਿਵਸ ਸਮਾਗਮ ਵਿੱਚ ਲੈ ਜਾਣ ਦਾ ਐਲਾਨ ਕੀਤਾ ਹੋਇਆ ਸੀ, ਜਿਸ ਕਾਰਨ ਅੱਜ ਸਵੇਰੇ ਹੀ ਥਾਣਾ ਜੋਧਾਂ ਦੇ ਐੱਸ.ਐੱਚ.ਓ ਸਾਹਿਬਮੀਤ ਸਿੰਘ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕਰਨ ਲਈ ਪਹੁੰਚੇ ਹੋਏ ਸਨ। ਗੁੱਜਰਵਾਲ ਦੇ ਗੁਰੂਘਰ ਵਿੱਚ ਥਾਣਾ ਮੁਖੀ ਸਾਹਿਬਮੀਤ ਸਿੰਘ ਨੇ ਪਿੰਡ ਵਾਸੀਆਂ ਸੰਬੋਧਨ ਕਰਦਿਆਂ ਦੱਸਿਆ ਕਿ ਤੀਜਾ ਮੁਲਜ਼ਮ ਰਣਜੀਤ ਸਿੰਘ ਸੋਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਇਤਿਹਾਸਕ ਕਾਮਾਗਾਟਾਮਾਰੂ ਜਹਾਜ਼ ਦੇ ਸਵਾਰ ਉੱਘੇ ਆਜ਼ਾਦੀ ਘੁਲਾਟੀਏ ਬਾਬਾ ਹਰਨਾਮ ਸਿੰਘ ਗੁੱਜਰਵਾਲ ਦੇ ਜੱਦੀ ਪਿੰਡ ਵਾਸੀਆਂ ਨੇ ਗੁਰੂਘਰ ਵਿੱਚ ਖੜ੍ਹ ਕੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਹੁਣ ਤੱਕ ਵੱਖ-ਵੱਖ ਸਰਕਾਰਾਂ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਦੇ ਦਾਅਵੇ ਕਰਦੀਆਂ ਰਹੀਆਂ ਅਤੇ ਮੌਜੂਦਾ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਵੀ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ। ਪਿੰਡ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਮ੍ਰਿਤਕ ਨੌਜਵਾਨ ਤਰਨਪ੍ਰੀਤ ਸਿੰਘ ਦੇ ਪਿਤਾ ਗੁਰਦੀਪ ਸਿੰਘ ਅਤੇ ਵੱਡੇ ਭਰਾ ਨੇ ਚਿਖਾ ਨੂੰ ਅਗਨੀ ਦਿਖਾਈ।

Advertisement

Advertisement