ਕਮਿਸ਼ਨਰੇਟ ਪੁਲੀਸ ਲੁਧਿਆਣਾ ਵੱਲੋਂ ਤਿਉਹਾਰਾਂ ਦੇ ਮੌਕੇ ‘ਤੇ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਏਡੀਸੀਪੀ ਜ਼ੋਨ-3 ਅਧੀਨ ਆਉਂਦੇ ਥਾਣਿਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਗਈ ਜਿਸ ਦੌਰਾਨ ਪੁਲੀਸ ਪਾਰਟੀਆਂ ਵੱਲੋਂ ਸ਼ਹਿਰ ਦੇ ਮੁੱਖ ਰਸਤੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਗੱਡੀਆਂ ਦੀ ਵਿਸਥਾਰ ਨਾਲ ਚੈਕਿੰਗ ਕੀਤੀ ਗਈ। ਖਾਸ ਤੌਰ ’ਤੇ ਬਲੈਕ ਫਿਲਮਾਂ ਲਗਾਈਆਂ ਗੱਡੀਆਂ, ਹੂਟਰਾਂ ਅਤੇ ਅਣ-ਅਧਿਕਾਰਤ ਲਾਈਟਾਂ ਵਾਲੇ ਵਾਹਨਾਂ ਦੀ ਜਾਂਚ ਕਰਕੇ ਚਲਾਣ ਕੀਤੇ ਗਏ। ਇਸ ਦੌਰਾਨ ਲੋਕਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਦਾ ਉਦੇਸ਼ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਪਾਉਣਾ, ਤਿਉਹਾਰਾਂ ਦੌਰਾਨ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਕਮਿਸ਼ਨਰੇਟ ਪੁਲੀਸ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਸ਼ਹਿਰ ਵਿੱਚ ਅਮਨ-ਚੈਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।