ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 27 ਅਗਸਤ
ਇਥੇ ਰਾਏਕੋਟ ਰੋਡ ’ਤੇ ਸਥਿਤ ਥਾਣਾ ਸਿਟੀ ਅੱਗੇ ਲੱਗੇ ਮੋਰਚੇ ਦੇ 158ਵੇਂ ਦਿਨ ਅੱਜ ਜਨਤਕ ਜਥੇਬੰਦੀਆਂ ਨੇ ਪੁਲੀਸ ਖ਼ਿਲਾਫ਼ ਵੱਡਾ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ। ਕੁਲਵੰਤ ਕੌਰ ਰਸੂਲਪੁਰ ਦੀ ਕਥਿਤ ਪੁਲੀਸ ਤਸ਼ੱਦਦ ਨਾਲ ਹੋਈ ਮੌਤ ਮਗਰੋਂ ਇਸ ਮਾਮਲੇ ਵਿੱਚ ਨਾਮਜ਼ਦ ਡੀਐੱਸਪੀ ਸਮੇਤ ਚਾਰਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਹ ਰੋਸ ਪ੍ਰਦਰਸ਼ਨ 8 ਸਤੰਬਰ ਨੂੰ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸਕੱਤਰ ਜਗਰੂਪ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਸਦੇਵ ਸਿੰਘ ਲਲਤੋਂ, ਸਰਵਿੰਦਰ ਸਿੰਘ ਸੁਧਾਰ, ਬੀਕੇਯੂ (ਡਕੌਂਦਾ) ਦੇ ਆਗੂ ਇੰਦਰਜੀਤ ਸਿੰਘ ਧਾਲੀਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਨਿਰਮਲ ਸਿੰਘ ਧਾਲੀਵਾਲ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ ਨੇ ਕਿਹਾ ਕਿ ਗਰੀਬ ਪਰਿਵਾਰ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅੱਤਿਆਚਾਰ ਕਰਨ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਨਾਬਰ ਪੁਲੀਸ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਤੇ ਪੱਖਪਾਤੀ ਵਤੀਰੇ ਖ਼ਿਲਾਫ਼ 8 ਸਤੰਬਰ ਨੂੰ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੁਦੱਈ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਹ ਪਰਿਵਾਰ ਸਮੇਤ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ 23 ਮਾਰਚ ਤੋਂ ਲਗਾਤਾਰ ਥਾਣੇ ਮੂਹਰੇ ਪੱਕਾ ਮੋਰਚਾ ਲਗਾਈ ਬੈਠੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਧਰਨਾਕਾਰੀਆਂ ਨੇ ‘ਆਪ’ ਸਰਕਾਰ ਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨਾਲ ਵੀ ਗਿਲਾ ਜ਼ਾਹਿਰ ਕੀਤਾ।