Political Protest: ਸੀ ਬੀ ਆਈ ਦੀ ਕਾਰਵਾਈ ਮਗਰੋਂ ‘ਆਪ’ ਤੇ ਭਾਜਪਾ ਆਹਮੋ-ਸਾਹਮਣੇ
‘ਆਪ’ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇ ਮੁੱਖ ਮੰਤਰੀ ਮਾਨ ਦੇ ਪੁਤਲੇ ਫੂਕੇ
ਕੇਂਦਰੀ ਜਾਂਚ ਏਜੰਸੀਆਂ (ਸੀ ਬੀ ਆਈ ਅਤੇ ਈ ਡੀ) ਦੀ ਕਾਰਵਾਈ ਦੇ ਮਾਮਲੇ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਸਿੱਧੇ ਤੌਰ ’ਤੇ ਆਹਮੋ-ਸਾਹਮਣੇ ਆ ਗਈਆਂ ਹਨ। ਬੁੱਧਵਾਰ ਨੂੰ ਇੱਥੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇੱਕ ਪਾਸੇ ਜਿੱਥੇ ‘ਆਪ’ ਆਗੂਆਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ, ਉੱਥੇ ਹੀ ਦੂਜੇ ਪਾਸੇ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਪਲਟਵਾਰ ਕੀਤਾ।
‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਖੰਗੂੜਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਵਿਧਾਇਕਾਂ ਨੇ ਦੁੱਗਰੀ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲੀਸ ਨੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਸੀ ਅਤੇ ਭਾਜਪਾ ਦਫ਼ਤਰ ਦੇ ਬਾਹਰ ਮਜ਼ਬੂਤ ਬੈਰੀਕੇਡਿੰਗ ਕੀਤੀ ਹੋਈ ਸੀ। ਹਾਲਾਂਕਿ, ‘ਆਪ’ ਵਰਕਰ ਪੁਲੀਸ ਦੇ ਬੈਰੀਕੇਡ ਤੋੜ ਕੇ ਅੱਗੇ ਨਿਕਲ ਗਏ। ਇਸ ਦੌਰਾਨ ‘ਆਪ’ ਵਰਕਰਾਂ ਦੀ ਪੁਲੀਸ ਨਾਲ ਤਕਰਾਰ ਅਤੇ ਧੱਕਾ-ਮੁੱਕੀ ਵੀ ਹੋਈ। ਦਫ਼ਤਰ ਦੇ ਬਾਹਰ ਪਹੁੰਚ ਕੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਇਸ ਰੋਸ ਪ੍ਰਦਰਸ਼ਨ ਵਿੱਚ ਲੁਧਿਆਣਾ ਤੋਂ ‘ਆਪ’ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਜੀਵਨ ਸਿੰਘ ਸੰਗੋਵਾਲ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਭਾਜਪਾ ਆਪਣੇ ਸਿਆਸੀ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸੀ ਬੀ ਆਈ ਅਤੇ ਈ ਡੀ ਵਰਗੀਆਂ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਹੋਈ ਕਾਰਵਾਈ ਕਾਰਨ ਪਾਰਟੀ ਵਰਕਰਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਦੂਜੇ ਪਾਸੇ, ਭਾਜਪਾ ਨੇ ਵੀ ‘ਆਪ’ ਦੇ ਦੋਸ਼ਾਂ ਦਾ ਮੋੜਵਾਂ ਜਵਾਬ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਭਾਜਪਾ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਪ੍ਰਗਟਾਇਆ।
ਸੰਘਰਸ਼ ਜਾਰੀ ਰੱਖਣ ਦਾ ਐਲਾਨ
ਲੁਧਿਆਣਾ (ਗੁਰਿੰਦਰ ਸਿੰਘ): ਭਾਜਪਾ ਦੀ ਜ਼ਿਲ੍ਹਾ ਦਿਹਾਤੀ ਇਕਾਈ ਵੱਲੋਂ ਮਾਨ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਮੁਜ਼ਾਹਰਾ ਕਰ ਕੇ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਐਲਾਨ ਕੀਤਾ ਗਿਆ। ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਭਾਜਪਾ ਵੱਲੋਂ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਦਿਹਾਤੀ ਇਕਾਈ ਦੇ ਸਹਿ ਇੰਚਾਰਜ ਰਾਕੇਸ਼ ਗੁਪਤਾ, ਸੂਬਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਠੇਕੇਦਾਰ ਅਜਮੇਰ ਸਿੰਘ ਭਾਗਪੁਰ, ਅਵਤਾਰ ਸਿੰਘ ਭਾਟੀਆ, ਗੁਰਬਖਸ਼ ਸਿੰਘ ਵਿੱਕੀ ਬਾਜਵਾ ਹਾਜ਼ਰ ਸਨ।

