ਪਾਵਰਕੌਮ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਪਾਵਰਕੌਮ ਮੁਲਾਜ਼ਮਾਂ ਨੇ ਅੱਜ ਸੁੰਦਰ ਨਗਰ ਡਿਵੀਜ਼ਨ ਦੇ ਗੇਟ ਉੱਤੇ ਸਾਂਝੀ ਰੋਸ ਰੈਲੀ ਕਰਕੇ ਪੰਜਾਬ ਸਰਕਾਰ, ਬਿਜਲੀ ਮੰਤਰੀ ਅਤੇ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਮੌਕੇ ਟੀਐੱਸਯੂ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਰਾਮਗੜ੍ਹ ਅਤੇ ਪੀਐਸਈਬੀ ਐਂਪਲਾਈਜ ਫੈਡਰੇਸ਼ਨ ਏਟਕ ਦੇ ਡਿਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਆਗੂਆਂ ਨੇ ਦੱਸਿਆ ਕਿ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰ, ਪੈਨਸ਼ਨਰਜ ਯੂਨੀਅਨ ਅਤੇ ਗਰਿੱਡ ਯੂਨੀਅਨ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਦਿੱਤੇ ਸੰਘਰਸ਼ ਦਾ ਸੱਦੇ ਤਹਿਤ ਅੱਜ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੇ ਬਿਜਲੀ ਕਾਮੇ ਪਹਿਲਾਂ ਹੀ ਵਰਕ-ਟੂ-ਰੂਲ ਤਹਿਤ ਕੰਮ ਕਰ ਰਹੇ ਹਨ ਅਤੇ ਅਗਲੇ ਸੰਘਰਸ਼ ਤਹਿਤ 27 ਜੁਲਾਈ ਨੂੰ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਫੇਰ ਵੀ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਜਾਂਦੇ ਤਾਂ 11, 12 ਅਤੇ 13 ਅਗਸਤ ਨੂੰ ਪੰਜਾਬ ਭਰ ਦੇ ਬਿਜਲੀ ਕਾਮੇਂ ਸਮੂਹਿਕ ਛੁੱਟੀ ਤੇ ਚਲੇ ਜਾਣਗੇ। ਉਨ੍ਹਾਂ ਦੱਸਿਆ ਕਿ ਔਜਾਰ ਛੱਡੋ ਕਲਮ ਛੱਡੋ ਭਾਵ ਸਮੂਹਿਕ ਛੁੱਟੀ ਤੇ ਜਾਣ ਦਾ ਇਹ ਸੰਘਰਸ਼ ਓਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ। ਇਸ ਮੌਕੇ ਧਰਮਿੰਦਰ, ਗੌਰਵ ਕੁਮਾਰ, ਕੁਲਵੀਰ ਸਿੰਘ, ਸਰਤਾਜ, ਦੀਪਕ, ਰਾਮਦਾਸ, ਧਰਮਪਾਲ, ਰਮੇਸ਼, ਪ੍ਰਕਾਸ਼, ਕੁਲਦੀਪ ਸਿੰਘ, ਰਾਮ ਅਵਧ, ਬਹਾਦਰ ਸਿੰਘ, ਕਮਲਦੀਪ ਰਣੀਆ, ਰਾਕੇਸ਼, ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਮਹਿਲਾ ਕਰਮਚਾਰੀ ਹਾਜ਼ਰ ਸਨ।