ਗਗਨਦੀਪ ਅਰੋੜਾ
ਲੁਧਿਆਣਾ, 1 ਦਸੰਬਰ
ਪਾਵਰਕੌਮ ਦੇ ਮਾਸਟਰ ਰੋਲ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਫਿਰੋਜ਼ਪੁਰ ਰੋਡ ਸਥਿਤ ਚੀਫ਼ ਇੰਜਨੀਅਰ ਦਫ਼ਤਰ ਅੱਗੇ ਧਰਨਾ ਦਿੱਤਾ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਜਿੰਨੇ ਵੀ ਮੁਲਾਜ਼ਮ ਮਾਸਟਰ ਰੋਲ ’ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਸਰਕਾਰ ਪੱਕਾ ਕਰੇ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਧਰਨੇ ਪ੍ਰਦਰਸ਼ਨ ’ਚ ਸ਼ਾਮਲ ਜਗਬੀਰ ਸਿੰਘ, ਅਮਰਜੀਤ ਸਿੰਘ, ਸਨੀ ਕੁਮਾਰ ਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਕਾਫ਼ੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਇਸ ਲਈ ਮੰਗਾਂ ’ਤ ਛੇਤੀ ਫੈਸਲਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਚੇ ਕਰਮੀ ਕੰਮ ਛੱਡ ਮੁਹਿੰਮ ਚਲਾਉਣਗੇ ਤੇ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੇ। ਮੁਲਾਜ਼ਮ ਜਗਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਦੀ ਮੰਗ ਸਾਲਾਂ ਤੋਂ ਚੱਲੀ ਆ ਰਹੀ ਹੈ ਤੇ ਸਰਕਾਰ ਹਰ ਵਾਰ ਉਨ੍ਹਾਂ ਨੂੰ ਟਾਲ ਦਿੰਦੀ ਹੈ। ਇਸ ਲਈ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੇ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਇੱਥੇ ਬਿਜਲੀ ਬੋਰਡ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਾਮਿਆਂ ਨੇ ਸਰਕਲ ਖੰਨਾ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਰੈਲੀ ਕੱਢੀ। ਇਸ ਮੌਕੇ ਕਰਤਾਰ ਚੰਦ, ਅਵਤਾਰ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ ਅਤੇ ਦਲਜੀਤ ਸਿੰਘ ਨੇ ਪਾਵਰਕੌਮ ਟਰਾਂਸਕੋ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀ ਪੇ ਬੈਂਡ ਅਤੇ ਹੋਰ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਮੁਕਰਨ, ਮਹੀਨਾਵਾਰ ਤਨਖਾਹ ਨਾ ਦੇਣ, ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਪਰੋਕਤ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਮੁਲਾਜ਼ਮਾਂ ਦੇ ਪੇ-ਬੈਂਡ ਦਾ ਸਰਕੂਲਰ ਜਾਰੀ ਕਰ ਕੇ ਬਿਨਾਂ ਦੇਰੀ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸੇਵਾਮੁਕਤ ਮੁਲਾਜ਼ਮਾਂ ਨੂੰ ਬਿਜਲੀ ਯੂਨਿਟ ਵਿਚ ਛੋਟ ਦਿੱਤੀ ਜਾਵੇ, ਸੇਵਾ ਸ਼ਰਤਾਂ ਵਿਚ ਕੀਤੀ ਤਬਦੀਲੀ ਰੱਦ ਕੀਤੀ ਜਾਵੇ। ਇਸ ਮੌਕੇ ਜਗਦੇਵ ਸਿੰਘ , ਹਰਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਨੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਵੱਲ ਛੇਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।