ਪਾਵਰਕੌਮ ਪੈਨਸ਼ਨਰਾਂ ਵੱਲੋਂ ਪਟਿਆਲਾ ਧਰਨੇ ਲਈ ਲਾਮਬੰਦੀ
ਪਟਿਆਲਾ ਵਿੱਚ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਮੁਜ਼ਾਹਰਾ ਭਲਕੇ
Advertisement
ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਪੈਨਸ਼ਨਰ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠਾ ਹੋਈ। ਇਸ ਮੌਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਭ ਤੋਂ ਪਹਿਲਾ ਵਿੱਛੜੇ ਯੂਨੀਅਨ ਦੇ ਅਹੁਦੇਦਾਰਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੋਹਨ ਸਿੰਘ ਸ਼ੰਭੂ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਦੇਣ ਲਈ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ, ਬਿਜਲੀ ਸੋਧ ਬਿੱਲ-2025 ਦੀ ਤਜਵੀਜ਼ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦਿਆਂ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪਾਵਰਕਾਮ ਟਰਾਂਸਕੋ ਮੈਨੇਜਮੈਂਟ, ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਪੱਕੀ ਭਰਤੀ ਰਾਹੀਂ ਖਾਲੀ ਅਸਾਮੀਆਂ ਭਰੀਆ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਦੀ ਕੈਸਲੈਸ ਮੈਡੀਕਲ ਸਕੀਮ ਬਹਾਲ ਕੀਤੀ ਜਾਵੇ, ਤਨਖਾਹ ਸਕੇਲ ਦਾ ਬਕਾਇਆ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੇ ਏਰੀਅਰ ਸਣੇ ਜਾਰੀ ਕੀਤਾ ਜਾਵੇ, ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਵਿੱਚ ਛੋਟ ਦਿੱਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ ਆਦਿ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 7 ਨਵੰਬਰ ਨੂੰ ਸੂਬੇ ਕਮੇਟੀ ਦੇ ਫੈਸਲੇ ਅਨੁਸਾਰ ਪਟਿਆਲਾ ਵਿੱਚ ਪਾਵਰਕੌਮ ਟਰਾਂਸਕੋ ਦੇ ਮੁੱਖ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਜੇ ਫ਼ਿਰ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ 16 ਨਵੰਬਰ ਨੂੰ ਮੁਲਾਜ਼ਮ ਤੇ ਪੈਨਸ਼ਨਰਾਂ ਵੱਲੋਂ ਧੂਰੀ ਵਿੱਚ ਕੀਤੇ ਜਾ ਰਹੇ ਧਰਨੇ ਮੁਜ਼ਾਹਰੇ ਵਿਚ ਹਿੱਸਾ ਲਿਆ ਜਾਵੇਗਾ। ਇਸ ਮੌਕੇ ਵਰਿਆਮ ਸਿੰਘ, ਦਲਵਾਰ ਸਿੰਘ, ਜਗਦੇਵ ਸਿੰਘ, ਮੋਹਨ ਲਾਲ, ਸੁਰਿੰਦਰ ਕੁਮਾਰ, ਸ਼ੇਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
