ਦੇਵਿੰਦਰ ਸਿੰਘ ਜੱਗੀ
ਪਾਇਲ, 16 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਪਿੰਡ ਘਲੋਟੀ ਵਿੱਚ ਤਿੰਨੇ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੇ ਮੋਰਚੇ ਦੀ ਜਿੱਤ ਦੀ ਖੁਸ਼ੀ ’ਚ ਅਕਾਲ ਪੁਰਖ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨ ਸ਼ਾਮਿਲ ਹੋਏ। ਪਾਠ ਦੇ ਭੋਗ ਉਪਰੰਤ ਬਲਾਕ ਕਨਵੀਨਰ ਪਰਮਵੀਰ ਸਿੰਘ ਘਲੋਟੀ ਨੇ ਸੰਬੋਧਨ ਕਰਦਿਆਂ ਇਸ ਲੜੇ ਗਏ ਘੋਲ ਦੇ ਇਤਿਹਾਸ ਦੀ ਵਿਆਖਿਆ ਕੀਤੀ ਅਤੇ ਪਿੰਡ ਵਾਸੀਆਂ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਆਉਣ ਵਾਲੇ ਸਮੇਂ ਦੌਰਾਨ ਕਿਸਾਨਾਂ-ਮਜ਼ਦੂਰਾਂ ਦੀ ਪੁੱਗਤ ਬਣਾਉਣ ਵਾਲਾ ਰਾਹ ਸਿਰਜਣ ਅਤੇ ਕਿਸਾਨੀ ਕਿੱਤੇ ਨੂੰ ਬਚਾਉਣ ਖਾਤਿਰ ਲੰਮੀਆਂ ਅਤੇ ਦ੍ਰਿੜ ਇਰਾਦੇ ਨਾਲ ਲੜਾਈਆਂ ਲੜਨ ਦਾ ਸੱਦਾ ਦਿੱਤਾ ਗਿਆ। ਦਿੱਲੀ ਮੋਰਚੇ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਮਨਮੋਹਨ ਸਿੰਘ ਘਲੋਟੀ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਉਨ੍ਹਾਂ ਦੇ ਸਪੁੱਤਰ ਪ੍ਰਭਜੋਤ ਸਿੰਘ ਘਲੋਟੀ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਲੰਮਾ ਸਮਾਂ ਬਿਤਾਉਣ ਵਾਲੇ ਬਲਵੀਰ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਬਲਦੇਵ ਸਿੰਘ, ਜੀਤ ਸਿੰਘ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਕਿਸਾਨ ਆਗੂ ਰਵਨਦੀਪ ਸਿੰਘ ਘਲੋਟੀ ਨੇ ਅਹਿਮ ਨਿਭਾਈ।