ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਜੁਲਾਈ
ਨਗਰ ਸੁਧਾਰ ਟਰੱਸਟ ’ਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੋ ਦਿਨ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਣੇ 6 ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। 2 ਦਿਨ ਬੀਤ ਜਾਣ ਦੇ ਬਾਵਜੂਦ ਵੀ ਵਿਜੀਲੈਂਸ ਦੀ ਟੀਮ ਨੂੰ ਸਾਬਕਾ ਚੇਅਰਮੈਨ ਬਾਰੇ ਕੁਝ ਪਤਾ ਨਹੀਂ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਸੁਬਰਾਮਨੀਅਮ ਫ਼ਰਾਰ ਹੋ ਚੁੱਕੇ ਹਨ। ਵਿਜੀਲੈਂਸ ਦੀ ਟੀਮ ਮੁਲਜ਼ਮ ਸਾਬਕਾ ਚੇਅਰਮੈਨ ਦੀ ਭਾਲ ’ਚ ਕਈ ਥਾਂਵਾਂ ’ਤੇ ਛਾਪੇ ਮਾਰ ਰਹੀ ਹੈ। ਉਧਰ, ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਨੇ ਪੁੱਛਗਿਛ ਦੌਰਾਨ ਕਈ ਖੁਲਾਸੇ ਕੀਤੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਨ੍ਹਾਂ ਲੋਕਾਂ ਦੇ ਕੰਮ ਹੁੰਦੇ ਸਨ ਅਤੇ ਕਿਨ੍ਹਾਂ ਦੇ ਕੰਮ ਰੋਕ ਕੇ ਕਿਵੇਂ ਭ੍ਰਿਸ਼ਟਾਚਾਰ ਕਰ ਪੈਸੇ ਲਏ ਜਾਂਦੇ ਸਨ। ਉਧਰ, ਇਸ ਮਾਮਲੇ ’ਚ ਮੁਲਜ਼ਮ ਬਣਾਏ ਗਏ ਈਓ ਕੁਲਜੀਤ ਕੌਰ ਤੇ ਸੇਲਜ਼ ਕਲਰਕ ਪ੍ਰਵੀਨ ਕੁਮਾਰ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ’ਚ ਪੇਸ਼ ਕਰ ਕੇ 2 ਦਿਨਾ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਹੁਣ ਮੁਲਜ਼ਮਾਂ ਤੋਂ ਪੁੱਛਗਿਛ ਕਰ ਰਹੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐੱਲਡੀਪੀ ਕੇਸਾਂ ਦੀ ਅਲਾਟਮੈਂਟ ’ਚ ਹੋਏ ਵੱਡੇ ਘੁਟਾਲੇ ਦੇ ਨਾਲ-ਨਾਲ ਸਰਕਾਰੀ ਜਾਇਦਾਦ ਨੂੰ ਈ-ਆਕਸ਼ਨ ’ਚ ਵੱਡੇ ਘੁਟਾਲੇ ’ਚ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਸੂਤਰ ਦੱਸਦੇ ਹਨ ਕਿ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਨੇ ਵੱਡੇ ਖੁਲਾਸੇ ਕੀਤੇ ਹਨ ਤੇ ਇਸ ’ਚ ਕਈ ਲੋਕਾਂ ਦੇ ਨਾਮ ਵੀ ਲਏ ਹਨ। ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਉਨ੍ਹਾਂ ਲੋਕਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਤਿੰਨੇ ਮੁਲਜ਼ਮ ਪੁਲੀਸ ਰਿਮਾਂਡ ’ਤੇ ਹਨ। ਬਾਕੀ ਦੇ ਤਿੰਨ ਮੁਲਜ਼ਮ ਹਾਲੇ ਵਿਜੀਲੈਂਸ ਦੇ ਕਬਜ਼ੇ ’ਚੋਂ ਬਾਹਰ ਹਨ। ਉਨ੍ਹਾਂ ਦੀ ਭਾਲ ’ਚ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।