ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਕਤੂਬਰ
ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵੱਲੋਂ ਮੰਗਾਂ ਦੇ ਹੱਕ ਵਿੱਚ 17 ਤੋਂ 21 ਅਕਤੂਬਰ ਤੱਕ ਰੋਸ ਹਫ਼ਤਾ ਮਨਾਉਂਦਿਆਂ ਜ਼ਿਲ੍ਹਾ ਪੱਧਰੀ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਸਕੱਤਰ ਮਨਜੀਤ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਸਲਾਹਕਾਰ ਚਰਨ ਸਿੰਘ ਸਰਾਭਾ, ਗੁਰਮੇਲ ਸਿੰਘ ਮੈਲਡੇ, ਟਹਿਲ ਸਿੰਘ ਸਰਾਭਾ ਸੂਬਾ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਸਕੱਤਰ ਸੁਰਿੰਦਰ ਸਿੰਘ ਬੈਂਸ ਸ਼ਾਮਲ ਹੋਏ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਤੱਕ ਆਵਾਜ਼ ਪਹੁੰਚਾਉਣ ਲਈ 20 ਅਕਤੂਬਰ ਨੂੰ ਲੁਧਿਆਣਾ ਵਿੱਚ ਦਿੱਤੇ ਜਾਣ ਵਾਲੇ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਇਕਰਾਰਨਾਮਾ ਸਿਰਲੇਖ ਹੇਠ ਕਈ ਵਾਅਦੇ ਕੀਤੇ ਸਨ ਪਰ ਅਜੇ ਤੱਕ ‘ਆਪ’ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਦੇ ਕੇ 38 ਫ਼ੀਸਦੀ ਬਣਦਾ ਡੀਏ ਦਿੱਤਾ ਜਾਵੇ। ਇਸ ਮੌਕੇ ਟਹਿਲ ਸਿੰਘ ਸਰਾਭਾ, ਕੇਵਲ ਸਿੰਘ ਬਨਵੈਤ, ਆਤਮਾ ਸਿੰਘ, ਅਸ਼ੋਕ ਕੁਮਾਰ, ਅਵਤਾਰ ਸਿੰਘ ਗਗੜਾ ਅਤੇ ਇੰਦਰਜੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਗੁਜਰਾਤ ਅਤੇ ਹਿਮਾਚਲ ਦੇ ਵੋਟਰਾਂ ਨੂੰ ਭਰਮਾਉਣ ਲਈ ਪੰਜਾਬ ਦੀ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ।