ਸੰਤੋਖ ਗਿੱਲ
ਗੁਰੂਸਰ ਸੁਧਾਰ, 10 ਨਵੰਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਦੇ ਪੱਕੇ ਮੋਰਚੇ ਉੱਪਰ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਸੁਰਜੀਤ ਸਿੰਘ ਸੀਲੋਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 26 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਅਤੇ 29 ਨਵੰਬਰ ਤੋਂ ਸੰਸਦ ਵੱਲ ਮਾਰਚ ਦੀਆਂ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੰਦੋਲਨ ਵਿਵਾਦਤ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ ਅਤੇ ਸਰਕਾਰ ਦੀ ਹਰ ਸਾਜ਼ਿਸ਼ ਨੂੰ ਅਸਫਲ ਕਰ ਕੇ ਮੋਰਚਾ ਸ਼ਾਨਦਾਰ ਜਿੱਤ ਨਾਲ ਸਮਾਪਤ ਹੋਵੇਗਾ। ਜਨਵਾਦੀ ਇਸਤਰੀ ਸਭਾ ਦੀ ਆਗੂ ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਵਰ੍ਹੇਗੰਢ ਅਤੇ ਸੰਸਦ ਮਾਰਚ ਲਈ ਪਿੰਡਾਂ ਵਿਚ ਮੁਹਿੰਮ ਚਲਾਈ ਜਾਵੇਗੀ ਅਤੇ ਮਜ਼ਬੂਤੀ ਨਾਲ ਲਾਮਬੰਦੀ ਕੀਤੀ ਜਾਵੇਗੀ।