ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਜ਼ਿਲ੍ਹਾ ਸੱਕਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਲੱਗਣ ਵਾਲੇ ਮੋਰਚੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਨਿਸ਼ਚਤ ਮੀਟਿੰਗ ਰੱਦ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਜਾਬਰ ਹੱਥ ਮੁਲਾਜ਼ਮਾਂ ਤੋਂ ਦੂਰ ਰੱਖਣ ਦੀ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚੋਂ ਸੈਂਕੜੇ ਕਿਸਾਨ ਚੰਡੀਗੜ੍ਹ ਦਿਨ ਰਾਤ ਦੇ ਧਰਨੇ ਵਿੱਚ ਟਰਾਲੀਆਂ ਰਾਹੀਂ ਰਾਸ਼ਨ ਆਦਿ ਦਾ ਪ੍ਰਬੰਧ ਕਰਕੇ ਪੁੱਜਣਗੇ। ਇਸ ਸਮੇਂ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਗਜੀਤ ਸਿੰਘ ਕਲੇਰ, ਸਰਬਜੀਤ ਸਿੰਘ ਧੂੜਕੋਟ, ਬੇਅੰਤ ਸਿੰਘ ਬਾਣੀਏਵਾਲ, ਰਣਵੀਰ ਸਿੰਘ ਰੁੜਕਾ, ਸਰਬਜੀਤ ਸਿੰਘ ਗਿੱਲ, ਅਜੀਤ ਸਿੰਘ ਧਾਂਦਰਾ, ਤਰਨਜੀਤ ਸਿੰਘ ਕੂਹਲੀ ਆਦਿ ਹਾਜ਼ਰ ਸਨ।
ਇਸੇ ਦੌਰਾਨ ਇੱਥੋਂ ਪਿੰਡ ਦੇਹੜਕਾ ਦੇ ਗੁਰਦੁਆਰੇ ਵਿੱਚ ਬੀ ਕੇ ਯੂ (ਡਕੌਂਦਾ) ਦੀ ਮੀਟਿੰਗ ਵਿੱਚ ਚੰਡੀਗੜ੍ਹ ਕਿਸਾਨ ਮੋਰਚੇ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਕਾਈ ਪ੍ਰਧਾਨ ਲਖਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬਾ ਕਮੇਟੀ ਦੀ ਹਦਾਇਤ ਮੁਤਾਬਕ ਚੰਡੀਗੜ੍ਹ ਧਰਨੇ ਵਿੱਚ ਪੁੱਜਣ ਦੀ ਵਿਓਂਤਬੰਦੀ ਕੀਤੀ ਗਈ। ਪਿੰਡ ਵਿੱਚ ਕਿਸਾਨਾਂ ਦੀ ਲਾਮਬੰਦੀ ਦੀਆਂ ਡਿਊਟੀਆਂ ਲਾਈਆਂ ਗਈਆਂ। ਮੌੜ ਇਲਾਕੇ ਦੇ ਸੱਠ ਪਿੰਡਾਂ ਦੀ ਡਰੋਨ ਰਾਹੀਂ ਮੈਪਿੰਗ ਦਾ ਕਿਸਾਨਾਂ ਨੇ ਸਖ਼ਤ ਨੋਟਿਸ ਲਿਆ।

