ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਕਰਕੇ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਅਤੇ ਪੁਖ਼ਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ।
ਇਸ ਸੂਬਾ ਪੱਧਰੀ ਸਮਾਗਮ ਵਿੱਚ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ। ਇਸ ਮੌਕੇ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਦੇ ਪਾਰਕ ਵਿੱਚ ਸ਼ਮਿਆਨਾ ਲਗਾਏ ਜਾ ਚੁੱਕੇ ਹਨ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲੀਸ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਪ੍ਰਗਤੀ ਰਾਣੀ, ਐੱਸਡੀਐਮ. ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਮਾ ਅਵਤਾਰ ਸਿੰਘ ਦਹਿੜੂ, ਪ੍ਰਧਾਨ ਯਾਦਵਿੰਦਰ ਸਿੰਘ ਲਿਬੜਾ, ਤਹਿਸੀਲਦਾਰ ਕਿਰਨਦੀਪ ਕੌਰ ਜੌਹਲ, ਬੀਡੀਪੀਓ ਖੰਨਾ ਗੁਰਪ੍ਰੀਤ ਸਿੰਘ, ਰੀਡਰ ਜਸਵੀਰ ਸਿੰਘ, ਐੱਸਐਚਓ ਖੰਨਾ ਸੁਖਵਿੰਦਰਪਾਲ ਸਿੰਘ ਸੋਹੀ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਪੁੱਜ ਰਹੀ ਹੈ। ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਡਾ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੋਂ ਇਲਾਵਾ ਸੀਨੀਅਰ ਲੀਡਰ ਸ਼ਹੀਦ ਨੂੰ ਸਰਧਾ ਦੇ ਫੁੱਲ ਭੇਂਟ ਕਰਨ ਲਈ ਪੁੱਜ ਰਹੇ ਹਨ ਅਤੇ ਕੋਹੇਨੂਰ ਪੈਲੇਸ ਵਿੱਚ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਨਗੇ। ਭਾਜਪਾ ਵੱਲੋ ਪੰਜਾਬ ਦੇ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਅਤੇ ਸੀਪੀਆਈ ਤੇ ਸੀਪੀਐੱਮ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਰਧਾਂਜਲੀਆਂ ਭੇਟ ਕਰਨਗੇ।