ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 3 ਨਵੰਬਰ
ਭਾਕਿਯੂ ਏਕਤਾ (ਡਕੌਂਦਾ) ਵੱਲੋਂ ਇਨਕਲਾਬੀ ਕੇਂਦਰ ਪੰਜਾਬ ਦੇ ਸਹਿਯੋਗ ਨਾਲ ਗ਼ਦਰ ਲਹਿਰ ਦੇ ਮਹਾਨ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਚ 16 ਨਵੰਬਰ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਪਿੰਡ ਸਰਾਭਾ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਸਾਲ ਵਾਂਗ ਸ਼ਹੀਦ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗ਼ਦਰ ਲਹਿਰ ਦੀ ਆਜ਼ਾਦੀ ਸੰਗਰਾਮ ਨੂੰ ਦੇਣ, ਗ਼ਦਰ ਪਾਰਟੀ ਦੇ ਗੱਦਰ ਦੀ ਅਜੋਕੇ ਸਮੇਂ ਵਿੱਚ ਸਾਰਥਿਕਤਾ, ਕਾਰਪੋਰੇਟ ਪੱਖੀ ਅਤੇ ਫ਼ਿਰਕੂ-ਫਾਸ਼ੀਵਾਦ ਦੀਆਂ ਚੁਣੌਤੀਆਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ। ਕਿਸਾਨ ਆਗੂ ਧਾਲੀਵਾਲ ਨੇ ਕਿਹਾ ਕਿ ਸਮਾਗਮ ਦੀ ਕਾਮਯਾਬੀ ਲਈ ਪਿੰਡਾਂ ਵਿਚ ਲਾਮਬੰਦੀ ਲਈ ਸਾਰੇ ਬਲਾਕਾਂ ਵਿਚ ਪਿੰਡ ਇਕਾਈਆਂ ਦੀਆਂ ਮੀਟਿੰਗਾਂ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ। 5 ਨਵੰਬਰ ਹੰਬੜਾਂ, 9 ਨਵੰਬਰ ਸੁਧਾਰ ਅਤੇ ਪੱਖੋਵਾਲ, 10 ਨਵੰਬਰ ਮੁੱਲਾਂਪੁਰ, 11 ਨਵੰਬਰ ਸਿੱਧਵਾਂ ਬੇਟ, 12 ਨਵੰਬਰ ਰਾਏਕੋਟ, 13 ਨਵੰਬਰ ਜਗਰਾਉਂ ਬਲਾਕ ਵਿਚ ਮੀਟਿੰਗਾਂ ਤੈਅ ਕੀਤੀਆਂ ਗਈਆਂ ਹਨ। ਮੀਟਿੰਗ ਵਿੱਚ ਪਰਾਲੀ ਸਾੜਨ ਬਾਰੇ ਆਮ ਆਦਮੀ ਪਾਰਟੀ ਦੇ ਦੋਗਲੇ ਸਟੈਂਡ ਦੀ ਨਿੰਦਾ ਕੀਤੀ। ਮੀਟਿੰਗ ਵਿਚ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੀ ਕਿੱਲਤ ਖ਼ਤਮ ਕਰਨ, ਸਹਿਕਾਰੀ ਸਭਾਵਾਂ ਨੂੰ ਲੋੜ ਅਨੁਸਾਰ ਖਾਦ ਭੇਜਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਫਲਤਾ ਲਈ ਵੀ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿਚ ਸਾਰੇ ਬਲਾਕਾਂ ਅਤੇ ਪੇਂਡੂ ਇਕਾਈਆਂ ਦੇ ਆਗੂ ਹਾਜ਼ਰ ਸਨ।