ਮੁਕਤ ਵਪਾਰ ਸਮਝੌਤੇ ਖ਼ਿਲਾਫ਼ Toll Plazas Free ਕਰਨ ਦੀ ਤਿਆਰੀ
ਕਿਸਾਨ ਯੂਨੀਅਨਾਂ ਨੇ ਚੰਡੀਗੜ੍ਹ ਧਰਨੇ ਲਈ ਵਿਉਂਤਬੰਦੀ ਕੀਤੀ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ-ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਪਿੰਡ ਆਂਡਲੂ ਵਿੱਚ ਜਸਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ, ਬਲਾਕ ਰਾਏਕੋਟ ਦੇ ਜਨਰਲ ਸਕੱਤਰ ਹਰਜੀਤ ਸਿੰਘ ਕਲਸੀਆਂ ਅਤੇ ਮੀਤ ਪ੍ਰਧਾਨ ਲੱਖਾ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ-2025 ਅਤੇ ਬੀਜ ਸੋਧ ਬਿੱਲ-2025 ਤੁਰੰਤ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਘੱਟ ਕਰਨ ਅਤੇ ਖਾਦਾਂ ਦਾ ਪੂਰਾ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ ਗਿਆ।
ਮੀਟਿੰਗ ਦੌਰਾਨ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਨਮਿਤ 13 ਜੁਲਾਈ ਨੂੰ ਤਰਕਸ਼ੀਲ ਭਵਨ ਬਰਨਾਲਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਵੀ ਰੂਪ-ਰੇਖਾ ਉਲੀਕੀ ਗਈ। ਆਗੂਆਂ ਨੇ ਦੱਸਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਨਾਲ ਕੀਤੇ ਜਾ ਰਹੇ ‘ਮੁਕਤ ਵਪਾਰ ਸਮਝੌਤਿਆਂ’ ਖ਼ਿਲਾਫ਼ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ। ਇਸ ਮੌਕੇ ਰਾਜ ਸਿੰਘ ਗਰੇਵਾਲ ਇਕਾਈ ਸਕੱਤਰ ਆਂਡਲੂ, ਮਨਦੀਪ ਸਿੰਘ ਗਰੇਵਾਲ ਖ਼ਜ਼ਾਨਚੀ, ਪ੍ਰਿਤਪਾਲ ਸਿੰਘ ਮੀਤ ਪ੍ਰਧਾਨ ਬਲਾਕ ਪੱਖੋਵਾਲ ਵੀ ਮੌਜੂਦ ਸਨ।
