ਪ੍ਰਧਾਨ ਮੰਤਰੀ ਦੇ ਰਾਹਤ ਪੈਕੇਜ ਨੇ ਪੰਜਾਬ ਦੇ ਜ਼ਖਮਾਂ ਤੇ ਛਿੜਕਿਆ ਲੂਣ: ਬੈਂਸ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਐਲਾਨੀ 1600 ਕਰੋੜ ਰੁਪਏ ਦੀ ਰਾਸ਼ੀ ਨੂੰ ਨਾਕਾਫ਼ੀ ਕ਼ਰਾਰ ਦਿੰਦਿਆਂ ਇਸਨੂੰ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਦੱਸਿਆ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀ ਲੱਖਾਂ ਹੈਕਟੇਅਰ ਫ਼ਸਲ ਤਬਾਹ ਹੋ ਗਈ ਹੈ, ਘਰ ਬਾਰ ਅਤੇ ਪਸ਼ੂ ਡੰਗਰ ਵੀ ਪਾਣੀ ਵਿੱਚ ਰੁੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮਦਦ ਲਈ ਵੱਡੀ ਉਮੀਦ ਸੀ ਪਰ ਸੂਬਾ ਅਤੇ ਕੇਂਦਰ ਸਰਕਾਰ ਨੇ ਰਾਹਤ ਪੈਕੇਜ ਦਾ ਐਲਾਨ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਦੇ ਜ਼ਖਮਾਂ ਤੇ ਮਲ੍ਹਮ ਲਾਉਣ ਦੀ ਥਾਂ ਲੂਣ ਛਿੱੜਕ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸੂਬੇ ਦੇ ਹੜ੍ਹ ਪੀੜਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਹੈ। ਹੜ੍ਹ ਪੀੜਤਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਮੋਦੀ ਤੋਂ ਵੱਡੇ ਰਾਹਤ ਪੈਕੇਜ਼ ਦੀ ਆਸ ਸੀ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਮਜ਼ਾਕ ਸਮਝਦੇ ਹੋਏ ਸਿਰਫ਼ 1600 ਕਰੋੜ ਰੁਪਏ ਰਾਹਤ ਫੰਡ ਦਾ ਐਲਾਨ ਕਰਕੇ ਪੰਜਾਬ ਅਤੇ ਪੰਜਾਬੀਆਂ ਨਾਲ ਇੱਕ ਮਜ਼ਾਕ ਕੀਤਾ ਹੈ।
ਸ੍ਰੀ ਬੈਸ ਨੇ ਦੱਸਿਆ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਕਰਜ਼ਿਆਂ ’ਤੇ ਲੀਕ ਮਾਰਣਗੇ, ਪਰ ਪ੍ਰਧਾਨ ਮੰਤਰੀ ਨੇ ਕਰਜ਼ਿਆਂ ਤੇ ਲੀਕ ਤਾਂ ਕੀ ਮਾਰਨੀ ਸੀ, ਉਨ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਦੇ ਛਿਮਾਹੀ ਕਿਸ਼ਤਾਂ ਵਿੱਚ ਵੀ ਕੋਈ ਛੋਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ, ਕੇਂਦਰ ਸਰਕਾਰ ਨੇ ਉਨ੍ਹਾਂ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮਦਦ ਕਰਨ ਦਾ ਕੀਤਾ ਐਲਾਨ ਵੀ ਪਰਿਵਾਰਾਂ ਨਾਲ ਮਜ਼ਾਕ ਹੈ, ਜਦਕਿ ਕਈ ਪਰਿਵਾਰਾਂ ਵਿੱਚ ਕਮਾਈ ਕਰਨ ਵਾਲੇ ਮੈਂਬਰ ਦੀ ਮੌਤ ਹੋ ਚੁੱਕੀ ਹੈ। ਬੈਸ ਨੇ ਕਿਹਾ ਕਿ ਜਿਸ ਰਾਹਤ ਪੈਕੇਜ਼ ਦਾ ਪ੍ਰਧਾਨ ਮੰਤਰੀ ਸ੍ਰੀ ਮੋਦੀ ਐਲਾਨ ਕਰਕੇ ਗਏ ਹਨ, ਇੰਨਾ ਪੈਸਾ ਤਾਂ ਪੰਜਾਬ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੇ ਇਕੱਠਾ ਕਰਕੇ ਲਾ ਦੇਣਾ ਹੈ।