ਪੀ ਏ ਯੂ ਵਿੱਚ ਕਰਵਾਏ ਜਾਣਗੇ ਸ਼ਹੀਦੀ ਸਮਾਗਮਾਂ ਬਾਰੇ ਪ੍ਰੋਗਰਾਮ
ਪੰਜਾਬ ਖੇਤੀਬਾੜੀ ਯੂਨੀਵਰਸੀਟੀ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਪੀ ਏ ਯੂ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣ ਦੀ ਤਜਵੀਜ਼ ਹੈ। ਇਹ ਜਾਣਕਾਰੀ ਪੀ ਏ ਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਅੱਜ ਇਕ ਸਮਾਰੋਹ ਦੌਰਾਨ ਦਿੱਤੀ। ਡਾ. ਗੋਸਲ ਦੀ ਪ੍ਰਧਾਨਗੀ ਵਿੱਚ ਹੋਈ ਇੱਕਤਰਤਾ ਵਿੱਚ ਰਜਿਸਟਰਾਰ ਡਾ. ਰਿਸ਼ੀ ਪਾਲ ਸਿੰਘ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ, ਹੋਮ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ, ਇੰਜੀਨਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ, ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਡੀਨ ਡਾ. ਰਿਸ਼ੀ ਇੰਦਰ ਸਿੰਘ ਗਿੱਲ, ਸੰਯੁਕਤ ਨਿਰਦੇਸ਼ਕ ਡਾ. ਕਮਲਜੀਤ ਸਿੰਘ ਸੂਰੀ, ਸਹਿਯੋਗੀ ਨਿਰਦੇਸ਼ਕ ਸੱਭਿਆਚਾਰ ਡਾ. ਰੁਪਿੰਦਰ ਕੌਰ, ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਦੇ ਪ੍ਰਧਾਨ ਡਾ. ਬੂਟਾ ਸਿੰਘ ਢਿੱਲੋਂ ਅਤੇ ਡਾ. ਅਨਿਲ ਸ਼ਰਮਾ ਹਾਜ਼ਰ ਸਨ। ਡਾ. ਗੋਸਲ ਨੇ ਕਿਹਾ ਕਿ ਯੂਨੀਵਰਸੀਟੀ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਖਾਸ ਤੌਰ ’ਤੇ ਗੁਰੂ ਤੇਗ ਬਹਾਦਰ ਵੱਲੋਂ ਹੱਕ ਸੱਚ ਲਈ ਦਿੱਤੀ ਕੁਰਬਾਨੀ ਬਾਰੇ ਗਿਆਨ ਹੋਣਾ ਜ਼ਰੂਰੀ ਹੈ।
ਇੱਕਤਰਤਾ ਉਪਰੰਤ ਡਾ. ਨਿਰਮਲ ਜੌੜਾ ਨੇ ਦੱਸਿਆ ਕਿ ਇਸ ਸਬੰਧੀ 30 ਅਕਤੂਬਰ ਨੂੰ ਯੂਨੀਵਰਸਿਟੀ ਵਿੱਚ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਫਲਸਫੇ ਬਾਰੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਗੋਸਲ ਕਰਨਗੇ, ਜਦੋਂ ਕਿ ਉੱਘੇ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਗੁਰੂ ਜੀ ਦੇ ਜੀਵਨ ਬਾਰੇ ਮੁੱਖ ਭਾਸ਼ਣ ਦੇਣਗੇ। ਯੂਨੀਵਰਸਿਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ 13 ਨਵੰਬਰ ਨੂੰ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕੀਰਤਨ ਦਰਬਾਰ ਹੋਵੇਗਾ। ਸਹਿਯੋਗੀ ਨਿਰਦੇਸ਼ਕ ਸੱਭਿਆਚਾਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਨਵੰਬਰ ਮਹੀਨੇ ਦੇ ਅਖੀਰ ਵਿੱਚ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਬਾਰੇ ਪੰਜਾਬੀ ਸੰਗੀਤ ਅਤੇ ਨਾਟਕ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਬਾਣੀ ਅਤੇ ਸੰਦੇਸ਼ ਸਬੰਧੀ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਪੀ ਏ ਯੂ ਦੇ ਯੁਵਕ ਮੇਲੇ ਦੇ ਸ਼ਬਦ ਮੁਕਾਬਲੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਤ ਹੋਣਗੇ। ਇਹਨਾਂ ਸਾਰੇ ਸਮਾਗਮਾਂ ਦੇ ਪ੍ਰਬੰਧ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੀ ਏ ਯੂ ਦੇ ਅਧਿਆਪਕ ਪ੍ਰਧਾਨ ਡਾ. ਬੂਟਾ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਹਨ।
