ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਅਪਰੈਲ
ਮੋਦੀ ਹਕੂਮਤ ਵੱਲੋਂ ਪਾਸ ਕੀਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉੁਣ ਲਈ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੇ ਉਕਤ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣ ਦਾ ਅਹਿਦ ਕੀਤਾ ਹੈ। ਇਸੇ ਦੌਰਾਨ ਅੱਜ ਇਥੋਂ ਦੇ ਨੇੜਲੇ ਪਿੰਡ ਲਲੌੜੀ ਕਲਾਂ ਦੇ ਕਿਸਾਨਾਂ ਦਾ ਜੱਥਾ ਦਿੱਲੀ ਧਰਨੇ ਲਈ ਰਵਾਨਾ ਹੋਇਆ।
ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਕਾਲੇ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਕਿਸਾਨਾਂ-ਮਜ਼ਦੂਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜੋ ਘਰ ਘਰ ਜਾ ਕੇ ਲੋਕਾਂ ਨੂੰ ਕਿਸਾਨ ਅੰਦੋਲਨ ਸਬੰਧੀ ਜਾਣੂੰ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਹਰ ਫ਼ੈਸਲੇ ਨੂੰ ਸਫ਼ਲ ਬਨਾਉਣ ਲਈ ਪੂਰੀ ਵਾਹ ਲਾਉਣਗੇ। ਉਹ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਐੱਮ.ਐੱਸ.ਪੀ ਨੂੰ ਕਾਨੂੰਨੀ ਦਰਜਾ ਨਹੀਂ ਮਿਲਦਾ ਉਹ ਪਿੱਛੇ ਨਹੀਂ ਹਟਣਗੇ ਅਤੇ ਉਹ ਕਿਸੇ ਵੀ ਕਰੋਨਾ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਭੁਲੇਖਾ ਕੱਢ ਦੇਵੇ ਕਿ ਉਹ ਕੋਝੀਆਂ ਚਾਲਾਂ ਨਾਲ ਕਿਸਾਨਾਂ ਨੂੰ ਮੋੜ ਦੇਵੇਗੀ।
ਕਿਸਾਨਾਂ ਵੱਲੋਂ ਸੰਘਰਸ਼ ਤੋਂ ਪਿੱਛੇ ਨਾ ਹਟਣ ਦਾ ਫੈਸਲਾ
ਦੋਰਾਹਾ (ਪੱਤਰ ਪ੍ਰੇਰਕ): ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਬਸੰਤ ਸਿੰਘ ਕੋਠਾਗੁਰੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਿੱਲੀ ਬਾਰਡਰਾਂ ਤੇ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਕਲੀਨ ਅਪਰੇਸ਼ਨ ਦੀ ਧਮਕੀ ਨਿੰਦਣਯੋਗ ਕਦਮ ਹੈ। ਇੱਥੇ ਇੱਕ ਮੀਟਿੰਗ ਮਗਰੋਂ ਉਨ੍ਹਾਂ ਕਿਹਾ ਕਿ ਕਿਸਾਨ ਹਾੜੀ ਦੇ ਸੀਜ਼ਨ ਦੌਰਾਨ ਆਪਣੀਆਂ ਹੱਕੀਂ ਮੰਗਾਂ ਲਈ ਮੋਰਚੇ ’ਤੇ ਡਟੇ ਹੋਏ ਅਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲੈਣਗੇ। ਇਸ ਮੌਕੇ ਰਾਮ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ ਆਦਿ ਨੇ ਸੰਬੋਧਨ ਕੀਤਾ।