property cards Punjab: ਯੋਗ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਪਛਾਣ ਪੱਤਰ ਮਿਲੇ: ਸੌਂਦ
‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 226 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
ਨੇੜਲੇ ਪਿੰਡ ਜਲਾਜਣ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 226 ਪਰਿਵਾਰਾਂ ਨੂੰ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡੇ ਗਏ। ਕੁੱਲ 383 ਪਰਿਵਾਰਾਂ ਨੂੰ ਦਸਤਾਵੇਜ ਦਿੱਤੇ ਗਏ, ਜਿਨ੍ਹਾਂ ਵਿੱਚ ਪਿੰਡ ਜਲਾਜਣ ਦੇ 226 ਅਤੇ ਮਹੌਣ ਦੇ 157 ਪਰਿਵਾਰਾਂ ਨੂੰ ਰਿਹਾਇਸ਼ੀ ਮਕਾਨਾਂ ਦੀ ਮਾਲਕੀ ਸੰਬੰਧੀ ਦਸਤਾਵੇਜ਼ੀ ਪਛਾਣ ਪੱਤਰ ਪ੍ਰਦਾਨ ਕੀਤੇ ਗਏ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ।
ਕੈਬਨਿਟ ਮੰਤਰੀ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰਾਪਰਟੀ ਕਾਰਡ ਸੰਭਾਲ ਕੇ ਰੱਖਣ ਅਤੇ ਇਨ੍ਹਾਂ ਵਿੱਚ ਦਰਜ ਆਪਣੇ ਨਾਮ ਅਤੇ ਜਾਇਦਾਦ ਸੰਬੰਧੀ ਵੇਰਵਿਆਂ ਦੀ ਜਾਂਚ ਕਰਨ। ਜੇਕਰ ਕਿਸੇ ਵੇਰਵੇ ਵਿੱਚ ਕੋਈ ਗ਼ਲਤੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਨਿਯਮਾਂ ਅਨੁਸਾਰ ਦਰੁਸਤੀ ਕਰਵਾਈ ਜਾਵੇ।
ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਸਮਿਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਪ੍ਰਧਾਨ ਸੁਰਿੰਦਰ ਸਿੰਘ ਕੋਠੇ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀ ਤੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

