ਨਮੀ ਦੀ ਵੱਧ ਮਾਤਰਾ ਦੇ ਨਾਂ ਹੇਠ ਕੱਟ ਲਾਉਣ ਖ਼ਿਲਾਫ਼ ਰੋਸ
ਝੋਨੇ ਵਿੱਚ ਨਮੀ ਦੀ ਵੱਧ ਮਾਤਰਾ ਦੇ ਨਾਂ ਹੇਠ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਇਲਾਕੇ ਦੀਆਂ ਕਈ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਉੱਪਰ ਕੱਟ ਲਾਏ ਜਾਣ ਅਤੇ ਕੁੱਝ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਝੋਨਾ ਵੱਧ ਤੋਲੇ ਜਾਣ ਵਿਰੁੱਧ ਜਮਹੂਰੀ ਕਿਸਾਨ ਸਭਾ ਦੇ ਵਫ਼ਦ ਵੱਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਦਿਉਲ ਨੂੰ ਮੰਗ-ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੂਬਾਈ ਆਗੂ ਸੁਰਜੀਤ ਸਿੰਘ ਸੀਲੋਂ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਨਛੱਤਰ ਸਿੰਘ ਨੇ ਦੋਸ਼ ਲਾਇਆ ਕਿ ਕਿਸਾਨ ਪਹਿਲਾਂ ਹੀ ਕੁਦਰਤ ਦੀ ਮਾਰ ਝੱਲ ਰਿਹਾ ਹੈ, ਉੱਪਰੋਂ ਕੁੱਝ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਅੰਨ੍ਹੀ ਲੁੱਟ ਮਚਾ ਰੱਖੀ ਹੈ।
ਕਿਸਾਨ ਆਗੂਆਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਵੱਧ ਝੋਨਾ ਤੋਲਣ ਵਾਲਿਆਂ ਵਿਰੁੱਧ ਚੋਰੀ ਦਾ ਮੁਕੱਦਮਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਰ ਝੱਲ ਰਹੇ ਕਿਸਾਨਾਂ ਦੀ ਬਾਂਹ ਫੜਨ ਲਈ ਝੋਨੇ ਉੱਪਰ ਬੋਨਸ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ। ਚੇਅਰਮੈਨ ਜਗਦੀਪ ਸਿੰਘ ਦਿਉਲ ਨੇ ਕਿਸਾਨ ਆਗੂਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ।
