ਜਮਹੂਰੀ ਕਿਸਾਨ ਸਭਾ ਵੱਲੋਂ ਕਿਲ੍ਹਾ ਰਾਏਪੁਰ ਵਿੱਚ ਇਲਾਕਾ ਕਮੇਟੀ ਦੀ ਮੀਟਿੰਗ ਵਿੱਚ 13 ਅਗਸਤ ਨੂੰ ‘ਕਾਰਪੋਰੇਟੋ ਭਾਰਤ ਛੱਡੋ’ ਦਿਵਸ ਵਜੋਂ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ 13 ਅਗਸਤ ਨੂੰ ਭਾਰਤ ਅਮਰੀਕਾ ‘ਮੁਕਤ ਵਪਾਰ ਸੰਧੀ’ ਵਿਰੁੱਧ ਚਿਤਾਵਨੀ ਦੇਣ ਲਈ ਕਿਲ੍ਹਾ ਰਾਏਪੁਰ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਸਾਮਰਾਜ ਅਤੇ ਕਾਰਪੋਰੇਟ ਪੱਖੀ ਨੀਤੀਆਂ ਤੇਜ਼ੀ ਨਾਲ ਲਾਗੂ ਕਰਨ ਲਈ ਵਿਉਂਤਾਂ ਬਣਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕ ਅਜਿਹੀਆਂ ਨੀਤੀਆਂ ਨੂੰ ਕਿਸੇ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਅੰਦੋਲਨ ਦੀ ਤਿਆਰੀ ਆਰੰਭ ਦਿੱਤੀ ਗਈ ਹੈ। ਇਹ ਵੀ ਫ਼ੈਸਲਾ ਕੀਤਾ ਕਿ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ 24 ਅਗਸਤ ਨੂੰ ਸਮਰਾਲਾ ਦੀ ਦਾਣਾ ਮੰਡੀ ਵਿੱਚ ਕਿਸਾਨ ਮਹਾਂ-ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਕੁਲਦੀਪ ਸਿੰਘ ਗਰੇਵਾਲ ਸਮੇਤ ਹੋਰ ਕਿਸਾਨ ਆਗੂਆਂ ਨੇ ਵੀ ਮੀਟਿੰਗ ਵਿੱਚ ਭਾਗ ਲਿਆ।