ਨਾਜਾਇਜ਼ ਕਬਜ਼ਿਆਂ ਤੇ ਮਾੜੇ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਧਰਨਾ
ਇੱਥੇ ਮੁੱਖ ਬਾਜ਼ਾਰ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਅਤੇ ਸ਼ਹਿਰ ਦੀ ਨਿਯਮਿਤ ਸਫ਼ਾਈ ਨਾ ਹੋਣ ਤੋਂ ਅੱਕੇ ਸ਼ਹਿਰ ਵਾਸੀਆਂ ਨੇ ਅੱਜ ਇੱਥੇ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਸਮੇਂ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੇ ਨਾਜਾਇਜ਼ ਕਬਜ਼ੇ ਹਟਾਉਣ ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਹੈ। ਵਾਰ-ਵਾਰ ਸ਼ਿਕਾਇਤ ਦਰਜ ਕਰਾਉਣ ਦੇ ਬਾਵਜੂਦ ਨਗਰ ਕੌਂਸਲ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਨੂੰ ਅੱਜ ਧਰਨਾ ਲਾਉਣਾ ਪਿਆ। ਦੁਕਾਨਦਾਰਾਂ ਨੇ ਦੱਸਿਆ ਕਿ ਮੁੱਖ ਬਾਜ਼ਾਰ ਵਿੱਚ ਕਈ ਥਾਵਾਂ ’ਤੇ ਨਾਜਾਇਜ਼ ਕਬਜ਼ੇ ਹਨ। ਇਹ ਕਬਜ਼ੇ ਤਾਂ ਕੀ ਹਟਾਉਣੇ ਸਨ ਸਗੋਂ ਹੋਰ ਨਾਜਾਇਜ਼ ਕਬਜ਼ੇ ਹੋ ਰਹੇ ਹਨ। ਸੜਕਾਂ ਕੰਢੇ ਰੇਹੜੀਆਂ ਤੇ ਫੜੀਆਂ ਬਿਨਾਂ ਨਿਯਮਾਂ ਦੇ ਲੱਗੀਆਂ ਹਨ ਜੋ ਆਵਾਜਾਈ ਵਿੱਚ ਵਿਘਨ ਪਾ ਰਹੀਆਂ ਹਨ। ਸਾਰਾ ਦਿਨ ਇਸ ਕਰਕੇ ਜਾਮ ਵਰਗੀ ਹਾਲਤ ਬਣੀ ਰਹਿੰਦੀ ਹੈ। ਧਰਨੇ ’ਚ ਚਰਨਜੀਤ ਸਿੰਘ, ਸੁਰਿੰਦਰ ਕੁਮਾਰ, ਹਰੀਸ਼, ਰੋਹਿਤ ਕੁਮਾਰ ਤੇ ਹੋਰਨਾਂ ਨੇ ਕਿਹਾ ਕਿ ਕੁਝ ਥਾਵਾਂ ’ਤੇ ਸੀਵਰੇਜ ਦੇ ਢੱਕਣ ਗਾਇਬ ਹਨ ਜਿਸ ਕਰਕੇ ਕਦੇ ਵੀ ਮੰਦਭਾਗਾ ਹਾਦਸਾ ਵਾਪਰ ਸਕਦਾ ਹੈ। ਇਸ ਤੋਂ ਇਲਾਵਾ ਧਰਨਾਕਾਰੀਆਂ ਨੇ ਮੀਟ ਮੱਛੀ ਵਾਲੀਆਂ ਦੁਕਾਨਾਂ ਦੇ ਬਾਹਰ ਸ਼ਰ੍ਹੇਆਮ ਚੱਲਦੀ ਸ਼ਰਾਬ ਤੇ ਖੜ੍ਹੀਆਂ ਗੱਡੀਆਂ ਕਰ ਕੇ ਆਵਾਜਾਈ ਵਿੱਚ ਪੈਂਦੇ ਵਿਘਨ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਜਲਦ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਹੋਣ ’ਤੇ ਆਵਾਜਾਈ ਠੱਪ ਕਰਨ ਦੀ ਚਿਤਾਵਨੀ ਦਿੱਤੀ।
