ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਫ਼ਲਿਸਤੀਨ ਨੂੰ ਜੰਗ ਜ਼ਰੀਏ ਕਬਰਿਸਤਾਨ ਬਣਾਉਣ ਵਾਲੇ ਇਜ਼ਰਾਈਲ ਦੇ ਵਿੱਤ ਮੰਤਰੀ ਬੇਜਾ ਲੇਲ ਸਮੋਟਰਿਚ ਦੀ ਭਾਰਤ ਫੇਰੀ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ), ਇਨਕਲਾਬੀ ਕੇਂਦਰ ਪੰਜਾਬ ਅਤੇ ਸੀਪੀਆਈ ਮਲ ਨਿਊ ਡੈਮੋਕਰੇਸੀ ਅਤੇ ਸੀਪੀਆਈ ਮਲ ਲਿਬਰੇਸ਼ਨ ਦੀ ਅਗਵਾਈ ਵਿੱਚ ਇਕੱਤਰ ਹੋਏ ਵਰਕਰਾਂ ਨੇ ਪੰਜਾਬੀ ਭਵਨ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਮਾਰਚ ਕਰ ਕੇ ਇਜ਼ਰਾਈਲ ਦੇ ਅਣਮਨੁੱਖੀ ਕਾਰਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਆਗੂਆਂ ਕੰਵਲਜੀਤ ਖੰਨਾ, ਰਘਬੀਰ ਸਿੰਘ ਬੈਨੀਪਾਲ, ਗੁਲਜ਼ਾਰ ਪੰਧੇਰ, ਸੁਖਦੇਵ ਮਾਣੂੰਕੇ, ਪਵਨ ਕੁਮਾਰ ਅਤੇ ਜਸਵੰਤ ਜੀਰਖ ਨੇ ਕਿਹਾ ਕਿ ਇਜ਼ਰਾਈਲ ਨੇ ਸਾਰੇ ਮਾਨਵੀ ਅਤੇ ਜੰਗੀ ਅਸੂਲਾਂ ਨੂੰ ਛਿੱਕੇ ਟੰਗ ਕੇ ਫਲਸਤੀਨ ਦੀ ਹੋਂਦ ਨੂੰ ਮਿਟਾਉਣ ਅਤੇ ਉਸਦੀ ਨਸਲਕੁਸ਼ੀ ਦੀ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਵੱਲੋਂ ਹਸਪਤਾਲਾਂ, ਸਕੂਲਾਂ ਅਤੇ ਰਾਹਤ ਕੈਂਪਾਂ ਉੱਪਰ ਬੰਬਾਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਭਾਰਤ ਸਰਕਾਰ ਦਾ ਇਜ਼ਰਾਈਲ ਨਾਲ ਦੁਵੱਲੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਕਰਨਾ ਉਸ ਦੇ ਲੋਕ ਵਿਰੋਧੀ ਮਨਸੂਬਿਆਂ ਅਤੇ ਨਿਹੱਕੀ ਜੰਗ ਦੇ ਪੱਖ ਵਿੱਚ ਖੜ੍ਹਨਾ ਹੈ।
ਇਸ ਮੌਕੇ ਆਗੂਆਂ ਨੇ ਮੋਦੀ ਸਰਕਾਰ ਦੀ ਇਜ਼ਰਾਈਲ ਤੇ ਅਮਰੀਕਾ ਪ੍ਰਤੀ ਦੋਗਲੀ ਨੀਤੀ ਦੀ ਵੀ ਆਲੋਚਨਾ ਕੀਤੀ। ਇਸ ਮੌਕੇ ਹਰਨੇਕ ਸਿੰਘ ਗੁੱਜਰਵਾਲ, ਚਮਕੌਰ ਸਿੰਘ ਬਰਮੀ, ਕਾ. ਸੁਰਿੰਦਰ ਸਿੰਘ, ਜਗਤਾਰ ਸਿੰਘ ਚਕੋਹੀ, ਬਲਰਾਜ ਸਿੰਘ ਕੋਟਉਮਰਾ, ਲਛਮਣ ਸਿੰਘ ਕੂਮਕਲਾਂ, ਜੈ ਪ੍ਰਕਾਸ਼ ਨਰਾਇਣ, ਵਿਜੈ ਨਾਰਾਇਣ ਅਤੇ ਹਰਜਿੰਦਰ ਕੌਰ ਹਾਜ਼ਰ ਸਨ।
ਇਜ਼ਰਾਈਲ ਅਤੇ ਭਾਰਤ ਦੇ ਪ੍ਰਧਾਨ ਮੰਤਰੀਆਂ ਦੇ ਪੁਤਲੇ ਫੂਕੇ
ਰਾਏਕੋਟ (ਸੰਤੋਖ ਗਿੱਲ): ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਦੇ ਸੱਦੇ ’ਤੇ ਇਜ਼ਰਾਈਲ ਦੇ ਵਿੱਤ ਮੰਤਰੀ ਬੇਜਾ ਲੇਲ ਸਮੋਟਰਿਚ ਦੇ ਭਾਰਤ ਦੌਰੇ ਵਿਰੁੱਧ ਇੱਥੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ, ਖੱਬੇ ਪੱਖੀ ਸੰਗਠਨਾਂ ਅਤੇ ਮੁਸਲਿਮ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕੇ। ਇਸ ਮੌਕੇ ਡਾਕਟਰ ਗੁਰਚਰਨ ਸਿੰਘ ਵੜਿੰਗ ਨੇ ਦੋਸ਼ ਲਾਇਆ ਕਿ ਇਜ਼ਰਾਇਲੀ ਫ਼ੌਜ ਹੁਣ ਤੱਕ ਕਰੀਬ ਸੱਤਰ ਹਜ਼ਾਰ ਬੇਕਸੂਰ ਲੋਕਾਂ ਦਾ ਕਤਲੇਆਮ ਕਰ ਚੁੱਕੀ ਹੈ।ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਵੱਲੋਂ ਯੂ ਐੱਨ ਓ ਵਿੱਚ ਜੰਗਬੰਦੀ ਲਈ ਪੇਸ਼ ਮਤਿਆਂ ਸਮੇਂ ਗੈਰ-ਹਾਜ਼ਰ ਰਹਿਣ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮੌਕੇ ਕਾਮਰੇਡ ਕਰਤਾਰ ਰਾਮ, ਚਮਕੌਰ ਸਿੰਘ ਤੇ ਬਲਵਿੰਦਰ ਸਿੰਘ ਆਰ ਐੱਮ ਪੀ ਆਈ ਦੇ ਗੁਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।