DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parvinder Singh Jhotta murder: ਮਾਨਸਾ ਕਤਲ ਕਾਂਡ ਖ਼ਿਲਾਫ਼ ਮੁਜ਼ਾਹਰਾ

ਲੋਕਾਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਅਖਾੜਾ ਵਿੱਚ ਧਰਨੇ ਵਿੱਚ ਸ਼ਾਮਲ ਔਰਤਾਂ ਅਤੇ ਕਿਸਾਨ ।
Advertisement

ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕੀਤੇ ਗਏ ਕਤਲ ਖ਼ਿਲਾਫ਼ ਨਜ਼ਦੀਕੀ ਪਿੰਡ ਅਖਾੜਾ ਦੇ ਵਾਸੀ ਸੜਕਾਂ ’ਤੇ ਨਿੱਤਰ ਆਏ। ਪਿੰਡ ਦੇ ਬੱਸ ਅੱਡੇ ਅੱਗੇ ਲਾਏ ਧਰਨੇ ਵਿੱਚ ਔਰਤਾਂ ਅਤੇ ਕਿਸਾਨ ਕਾਰਕੁਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਪੁਲੀਸ-ਨਸ਼ਾ ਤਸਕਰ-ਸਰਕਾਰ ਦੇ ਗੱਠਜੋੜ ਦਾ ਦਾਅਵਾ ਕਰਦਿਆਂ ਨਾਅਰੇਬਾਜ਼ੀ ਕੀਤੀ। ।

ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੇਰੋਂ, ਤੂਰਬੰਜਾਰਾ ਅਤੇ ਕਨੋਈ ਦੀਆਂ ਘਟਨਾਵਾਂ ਤੋਂ ਬਾਅਦ ਮਾਨਸਾ ਦੀ ਇਸ ਘਟਨਾ ਨੇ ਮੌਜੂਦਾ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦਾਅਵਿਆਂ ਦਾ ਪਾਖੰਡ ਨੰਗਾ ਕਰ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਹਕੂਮਤ, ਪੁਲੀਸ ਅਤੇ ਨਸ਼ਾ ਤਸਕਰਾਂ ਦਾ ਨਾਪਾਕ ਗੱਠਜੋੜ ਜ਼ਿੰਮੇਵਾਰ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਅਤੇ ਇਨਕਲਾਬੀ ਕੇਂਦਰ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ 15 ਅਕਤੂਬਰ ਨੂੰ ਜਗਰਾਉਂ ਦੇ ਮੁੱਖ ਤਹਿਸੀਲ ਚੌਕ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਇਆ ਜਾਵੇ।

Advertisement

ਖੰਨਾ (ਜੋਗਿੰਦਰ ਸਿੰਘ ਓਬਰਾਏ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੰਨਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਾ ਵਿਰੋਧੀ ਆਗੂਆਂ ਦੀ ਜਾਨ ਸੁਰੱਖਿਅਤ ਨਹੀਂ ਹੈ। ਸ੍ਰੀ ਯਾਦੂ ਨੇ ਸੰਗਰੂਰ ਦੇ ਤੂਰਬੰਜ਼ਰਾ ਦੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਅਤੇ ਮੁੱਖ ਮੰਤਰੀ ਦੀ ਰੈਲੀ ਦੌਰਾਨ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਕਾਰਕੁਨਾਂ ਨੂੰ ਪੁਖਤਾ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

Advertisement

ਲੁਧਿਆਣਾ (ਗੁਰਿੰਦਰ ਸਿੰਘ): ਭਾਜਪਾ ਦੀ ਦਿਹਾਤੀ ਅਤੇ ਸ਼ਹਿਰੀ ਇਕਾਈ ਵੱਲੋਂ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਦੇ ਰਾਜਪਾਲ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਪਾਇਲ ਗੋਇਲ ਨੂੰ ਮੰਗ ਪੱਤਰ ਸੌਂਪਿਆ ਗਿਆ। ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਅਤੇ ਸ਼ਹਿਰੀ ਪ੍ਰਧਾਨ ਸੁਨੀਲ ਮੋਦਗਿੱਲ ਦੀ ਅਗਵਾਈ ਹੇਠ ਦਿੱਤੇ ਇਸ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀ ਬੀ ਆਈ ਨੂੰ ਸੌਂਪੀ ਜਾਵੇ। ਭਾਜਪਾ ਆਗੂਆਂ ਨੇ ਹਮਲਾਵਰਾਂ ਦੇ ਡਿਜ਼ੀਟਲ ਸਬੂਤ ਸੁਰੱਖਿਅਤ ਰੱਖਣ ਅਤੇ ਪੀੜਤ ਪਰਿਵਾਰ ਨੂੰ ਪੁਲੀਸ ਸੁਰੱਖਿਆ ਦੇਣ ਦੀ ਵੀ ਮੰਗ ਕੀਤੀ।

ਕਾਤਲਾਂ ਨੂੰ ਸਰੇ ਬਾਜ਼ਾਰ ਫਾਂਸੀ ਹੋਵੇ: ਸ਼ਾਹੀ ਇਮਾਮ

ਲੁਧਿਆਣਾ (ਗੁਰਿੰਦਰ ਸਿੰਘ): ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਨੇ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਮਿਸਾਲੀ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਾਤਲਾਂ ਨੂੰ ਸਰੇ ਬਾਜ਼ਾਰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਨਸ਼ਾ ਤਸਕਰਾਂ ਵਿੱਚ ਕਾਨੂੰਨ ਦਾ ਡਰ ਪੈਦਾ ਹੋ ਸਕੇ। ਸ਼ਾਹੀ ਇਮਾਮ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਨਸ਼ਾ ਵਿਰੋਧੀ ਤਾਕਤਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਅਦਾਲਤ ਨੂੰ ਇਸ ਸੰਵੇਦਨਸ਼ੀਲ ਮਾਮਲੇ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਤਹਿਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਖ਼ਤ ਫੈਸਲਿਆਂ ਨਾਲ ਹੀ ਸਮਾਜ ਵਿੱਚ ਗੁੰਡਾ ਰਾਜ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ

ਲੁਧਿਆਣਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲੜਨ ਵਾਲੇ ਨੌਜਵਾਨ ਸਮਾਜ ਦੇ ਅਸਲ ਰਾਖੇ ਹਨ ਅਤੇ ਉਨ੍ਹਾਂ ਦੀ ਜਾਨ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦਾ ਮੁਢਲਾ ਫਰਜ਼ ਹੈ।

ਜਨਤਕ ਜਥੇਬੰਦੀਆਂ ਵੱਲੋਂ ਲੋਕ ਤਾਕਤ ਮਜ਼ਬੂਤ ਕਰਨ ਦਾ ਸੱਦਾ

ਲੁਧਿਆਣਾ (ਸਤਵਿੰਦਰ ਸਿੰਘ ਬਸਰਾ): ਲੁਧਿਆਣੇ ਦੀਆਂ ਅਹਿਮ ਜਨਤਕ ਜਮਹੂਰੀ ਅਤੇ ਤਰਕਸ਼ੀਲ ਜਥੇਬੰਦੀਆਂ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਅਤੇ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਨੇ ਪ੍ਰੋ. ਜਗਮੋਹਨ ਸਿੰਘ, ਜਸਵੰਤ ਜ਼ੀਰਖ ਅਤੇ ਡਾ. ਹਰਬੰਸ ਗਰੇਵਾਲ ਦੀ ਅਗਵਾਈ ਹੇਠ ਮੀਟਿੰਗ ਕਰਦਿਆਂ ਸੰਘਰਸ਼ੀ ਨੌਜਵਾਨਾਂ ਉੱਤੇ ਹੋ ਰਹੇ ਅਪਮਾਨਜਨਕ ਹਮਲਿਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸ਼ਿਕਾਇਤਕਰਤਾਵਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਜ਼ਲੀਲ ਕੀਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੈ। ਜਥੇਬੰਦੀਆਂ ਨੇ ਇਸ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਰੁਪਾਲੋਂ ਘਰ ਵਿੱਚ ਨਜ਼ਰਬੰਦ

ਪਾਇਲ (ਦੇਵਿੰਦਰ ਸਿੰਘ ਜੱਗੀ): ਹਲਕਾ ਪਾਇਲ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੂੰ ਡੀ ਐੱਸ ਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਵੱਲੋਂ ਉਨ੍ਹਾਂ ਦੇ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।

Advertisement
×