ਦੇਵਿੰਦਰ ਸਿੰਘ ਜੱਗੀ
ਪਾਇਲ, 26 ਜੂਨ
ਪਿੰਡ ਘਲੋਟੀ ਦੇ ਕਿਸਾਨਾਂ ਨੇ ਬਿਜਲੀ ਦੀ ਬੇਹੱਦ ਮਾੜੀ ਸਪਲਾਈ ਆਉਣ ਕਾਰਨ ਪ੍ਰੇਸ਼ਾਨ ਕਿਸਾਨਾਂ ਵੱਲੋਂ ਸਿਆੜ ਗਰਿੱਡ ’ਤੇ ਰੋਸ ਧਰਨਾ ਦੇ ਕੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ, ਕਿਸਾਨਾਂ ਨੂੰ ਆਪਣੇ ਝੋਨੇ ਦੀ ਫ਼ਸਲ ਦੀ ਲਵਾਈ ਲਈ ਬਿਜਲੀ ਦੀ ਸਖਤ ਜ਼ਰੂਰਤ ਹੈ, ਪਰ ਘਲੋਟੀ ਫੀਡਰ ’ਤੇ ਬਿਜਲੀ ਦੀ ਸਪਲਾਈ ਦਾ ਬਹੁਤ ਹੀ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਦਲ-ਦਲ ਵਿੱਚ ਫਸੇ ਹੋਏ ਹਨ ਅਤੇ ਉੱਤੋਂ ਬਿਜਲੀ ਦੀ ਮਾੜੀ ਸਪਲਾਈ ਕਾਰਨ ਕਿਸਾਨਾਂ ਨੂੰ ਹੋਰ ਵਿੱਤੀ ਬੋਝ ਝੱਲਣਾ ਪੈ ਰਿਹਾ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਮਹਿਕਮੇ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੂਰੀ ਬਿਜਲੀ ਦਾ ਪ੍ਬੰਧ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਵੱਡੀ ਗਿਣਤੀ ਚ ਕਿਸਾਨ ਹਾਜ਼ਰ ਸਨ।