ਨਗਰ ਕੌਂਸਲ ਖੰਨਾ ਦੇ ਦਫ਼ਤਰ ਅੱਗੇ ਅੱਜ ਇਥੋਂ ਦੇ ਵਾਰਡ ਨੰਬਰ-13 ਅਤੇ 14 ਦੇ ਵਸਨੀਕਾਂ ਨੇ ਧਰਨਾ ਦਿੰਦਿਆਂ ਜ਼ੋਰਦਾਰ ਮੁਜ਼ਾਹਰਾ ਕੀਤਾ। ਭਾਰੀ ਬਾਰਿਸ਼ ਦੇ ਬਾਵਜੂਦ ਲੋਕ ਗਲੀਆਂ ਵਿੱਚ ਜਮ੍ਹਾਂ ਹੋਏ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਵਿਰੋਧ ਕਰਨ ਲਈ ਇਥੇ ਪੁੱਜੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸੀਵਰੇਜ ਦਾ ਪਾਣੀ ਪਿਛਲੇ ਲੰਬੇ ਸਮੇਂ ਤੋਂ ਗਲੀਆਂ ਵਿਚ ਇੱਕਠਾ ਹੋ ਰਿਹਾ ਹੈ ਜਿਸ ਕਾਰਨ ਹਰ ਸਮੇਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਇਸ ਬਦਬੂ ਮਾਰਦੇ ਪਾਣੀ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਬੱਚੇ ਤੇ ਬਜ਼ੁਰਗ ਘਰਾਂ ਵਿਚ ਬੰਦ ਹੋ ਕੇ ਰਹਿ ਗਏ ਹਨ।
ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਬਾਰਿਸ਼ ਦੇ ਦਿਨਾਂ ਵਿਚ ਇਸ ਇਲਾਕੇ ਦੀ ਹਾਲਤ ਬਦ ਤੋਂ ਬਦਤਰ ਹੋ ਜਾਂਦੀ ਹੈ ਅਤੇ ਅਨੇਕਾਂ ਹਾਦਸੇ ਵਾਪਰਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਅਤੇ ਕੌਂਸਲਰ ਗੁਰਮੀਤ ਨਾਗਪਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸ਼ਹਿਰ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ। ਸਿਰਫ਼ ਨਿੱਜੀ ਹਿੱਤਾਂ ਨੂੰ ਲੈ ਕੇ ਲੜਾਈਆਂ ਲੜ ਰਹੇ ਹਨ ਜਿਸ ਕਾਰਨ ਸ਼ਹਿਰ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗੰਦੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਸਿਰ ਹੋਵੇਗੀ।
ਜਤਿੰਦਰ ਨਾਰੰਗ ਨੇ ਕਿਹਾ ਕਿ ਕੁਝ ਸਮਾਂ ਪਹਿਲਾ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਵਾਰਡ ਵਿਚੋਂ ਗੰਦਗੀ ਹਟਾਉਦ ਲਈ ਵਿਸ਼ੇਸ਼ ਤੌਰ ’ਤੇ ਮਸ਼ੀਨ ਮੰਗਵਾਈ ਸੀ ਪਰ ਸਿਆਸੀ ਕਾਰਨਾਂ ਕਰਕੇ ਇਸ ਦੀ ਵਰਤੋਂ ਨਹੀਂ ਕੀਤੀ ਗਈ। ਇਲਾਕੇ ਦੇ ਵਸਨੀਕ ਨਵਦੀਪ ਸ਼ਰਮਾ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਉਸ ਦੇ ਪਿਤਾ ਦੀ ਮੌਤ ਕੈਂਸਰ ਨਾਲ ਹੋਈ ਸੀ ਜਿਸ ਕਾਰਨ ਹੁਣ ਲੋਕਾਂ ਵਿਚ ਡਰ ਬਣਿਆ ਹੋਇਆ ਹੈ ਕਿਉਂਕਿ ਸੀਵਰੇਜ ਦਾ ਗੰਦਾ ਪਾਣੀ ਇਲਾਕੇ ਵਿਚ ਪੀਣ ਵਾਲੇ ਪਾਣੀ ਨੂੰ ਵੀ ਗੰਦਾ ਕਰ ਰਿਹਾ ਹੈ।
ਇਸ ਮੌਕੇ ਨਗਰ ਕੌਂਸਲ ਦੇ ਜੇਈ ਸੰਦੀਪ ਸਿੰਘ ਨੇ ਕਿਹਾ ਕਿ ਅਦਾਲਤੀ ਕੇਸ ਦੇ ਬਾਵਜੂਦ ਨਗਰ ਕੌਂਸਲ ਮਦਦ ਕਰ ਰਿਹਾ ਹੈ। ਗੰਦੇ ਪਾਣੀ ਦੀ ਨਿਕਾਸੀ ਦੀ ਜ਼ਿੰਮੇਵਾਰੀ ਸੀਵਰੇਜ ਬੋਰਡ ਦੀ ਹੈ ਪਰ ਅਸੀਂ ਲਗਾਤਾਰ ਕੰਮ ਕਰਵਾ ਰਹੇ ਹਾਂ। ਜਲਦ ਹੀ ਮਸ਼ੀਨ ਭੇਰ ਕੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਵੇਗਾ।
ਪੁਲੀਸ ਦੀ ਦਖਲਅੰਦਾਜ਼ੀ ਮਗਰੋਂ ਹੋਈ ਆਵਾਜਾਈ ਬਹਾਲ
ਇਸ ਦੌਰਾਨ ਲੋਕਾਂ ਨੇ ਨਗਰ ਕੌਂਸਲ ਦੇ ਬਾਹਰ ਰੋਡ ’ਤੇ ਧਰਨਾ ਲਾ ਦਿੱਤਾ ਜਿਸ ਕਾਰਨ ਆਵਾਜਾਈ ਜਾਮ ਹੋ ਗਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਦੌਰਾਨ ਥਾਣਾ ਸਿਟੀ-2 ਦੇ ਐੱਸਐੱਚਓ ਤਰਵਿੰਦਰ ਕੁਮਾਰ ਬੇਦੀ ਵੱਲੋਂ ਦਿੱਤੇ ਭਰੋਸੇ ਮਗਰੋਂ ਲੋਕਾਂ ਨੇ ਰੋਡ ਖੋਲ੍ਹ ਦਿੱਤਾ ਪਰ ਧਰਨਾ ਜਾਰੀ ਰੱਖਿਆ। ਇਸ ਮੌਕੇ ਕਨ੍ਹੱਈਆ ਵੈਲਫ਼ੇਅਰ ਸੁਸਾਇਟੀ ਦੇ ਮੈਂਬਰ ਨਿਰਮਲ ਸਿੰਘ ਨਿੰਮਾ ਅਤੇ ਹਰਪ੍ਰੀਤ ਸਿੰਘ ਕਾਲਾ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਵਾਰਡ ਵਿੱਚ ਗੰਦੇ ਪਾਣੀ ਨਾਲ ਡੇਂਗੂ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਦਾ ਤੋਹਫਾ ਦੇ ਰਿਹਾ ਹੈ।