ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਅਕਤੂਬਰ
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਲੱਗੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਦੇ ਅੱਜ ਤੀਜੇ ਦਿਨ ਵੀ ਮੁਲਾਜ਼ਮਾਂ ਨੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕੀਤੀ।
ਇਸ ਕਲਮ ਛੋੜ ਹੜਤਾਲ ਨੂੰ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਜਨਰਲ ਸਕੱਤਰ ਲਖਵੀਰ ਸਿੰਘ ਗਰੇਵਾਲ, ਵਿੱਤ ਸਕੱਤਰ ਸੁਨੀਲ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ 15 ਅਕਤੂਰ ਤੱਕ ਜਾਰੀ ਰਹੇਗੀ। ਵਿੱਤ ਸਕੱਤਰ ਸੁਨੀਲ ਕੁਮਾਰ ਨੇ ਦੱਸਿਆ ਕਿ ਅੱਜ ਹੜਤਾਲ ਦੇ ਤੀਜੇ ਦਿਨ ਵੀ ਮੁੱਖ ਮੰਤਰੀ ਵੱਲੋਂ ਨਾ ਤਾਂ ਮੁਲਾਜ਼ਮ ਜੱਥੇਬੰਦੀ ਨੂੰ ਮੀਟਿੰਗ ਲਈ ਕੋਈ ਸੱਦਾ ਦਿੱਤਾ ਅਤੇ ਨਾ ਹੀ ਮੰਗਾਂ ਮੰਨਣ ਸਬੰਧੀ ਕੋਈ ਐਲਾਨ ਕੀਤਾ ਹੈ। ਇਸ ਤੋਂ ਸਾਫ ਹੈ ਕਿ ਸਰਕਾਰ ਮੁਲਾਜ਼ਮਾਂ ਪ੍ਰਤੀ ਬਿਲਕੁਲ ਹੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਜੋ ਮੁਸ਼ਕਲ ਪੇਸ਼ ਆ ਰਹੀ ਹੈ, ਉਸ ਦੀ ਨਿਰੋਲ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਕਿਉਂਕਿ ਕੋਈ ਵੀ ਮੁਲਾਜ਼ਮ ਸ਼ੌਂਕ ਵਜੋਂ ਹੜਤਾਲ ’ਤੇ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਮੁਲਾਜ਼ਮਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਹੁੰਦੀ ਤਾਂ ਉਨ੍ਹਾਂ ਨੂੰ ਅਜਿਹੇ ਫੈਸਲੇ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ। ਏਪੀ ਮੌਰੀਆ ਨੇ ਕਿਹਾ ਕਿ ਮੌਜੂਦਾ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਦੇ ਸੱਤਾ ਸੰਭਾਲਣ ਤੋਂ ਛੇ ਮਹੀਨੇ ਦੇ ਅੰਦਰ ਹੀ ਹਰ ਵਰਗ ਸੜਕਾਂ ’ਤੇ ਰੋਸ ਮੁਜ਼ਾਹਰੇ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ’ਤੇ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਹੜਤਾਲ ਨੂੰ ਭੀਮ ਚੰਦ, ਤਜਿੰਦਰ ਸਿੰਘ ਢਿੱਲੋਂ, ਰਾਕੇਸ਼ ਕੁਮਾਰ, ਗੁਰਦਾਸ ਸਿੰਘ, ਆਕਾਸ਼ਦੀਪ ਸਿੰਘ, ਧਰਮ ਸਿੰਘ, ਜਗਦੇਵ ਸਿੰਘ, ਧਰਮ ਪਾਲ ਪਾਲੀ, ਅਮਨਦੀਪ ਕੌਰ ਪਰਾਸ਼ਰ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਮਲਕੀਤ ਸਿੰਘ ਮਲਾੜਾ, ਹਰਮਿੰਦਰ ਸਿੰਘ, ਰਜਨੀ, ਅਮਰਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸੰਬੋਧਨ ਕੀਤਾ। ਦੱਸਣਯੋਗ ਹੈ ਕਿ ਇਹ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ ਡੀਏ ਦੇਣ ਦੀ ਮੰਗ ਕਰ ਰਹੇ ਹਨ।