ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ 25 ਕਿਤਾਬਾਂ ’ਤੇ ਲਾਈ ਪਾਬੰਦੀ ਦਾ ਵਿਰੋਧ
ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ 25 ਕਿਤਾਬਾਂ ਉੱਪਰ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਨੂੰ ਫਾਸ਼ੀ ਧਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬਾਂ ਬੁੱਕਰ ਇਨਾਮ ਜੇਤੂ ਵਿਸ਼ਵ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ, ਤਾਰਿਕ ਅਲੀ, ਏਜੇ ਨੂਰਾਨੀ, ਅਨੁਰਾਧਾ ਭਸੀਨ, ਸੁਮਾਂਤਰਾ ਬੋਸ, ਕ੍ਰਿਸਟੋਫਰ ਸਨੇਡਨ, ਰਾਧਿਕਾ ਗੁਪਤਾ, ਸੀਮਾ ਕਾਜ਼ੀ, ਡਾ. ਅਬਦੁਲ ਜੱਬਰ ਗੋਕਖਾਨੀ ਵਰਗੇ ਲੇਖਕਾਂ, ਵਿਦਵਾਨਾਂ, ਸੰਪਾਦਕਾਂ ਅਤੇ ਇਤਿਹਾਸਕਾਰਾਂ ਦੀਆਂ ਲਿਖੀਆਂ ਹੋਈਆਂ ਹਨ। ਆਕਸਫੋਰਡ ਯੂਨੀਵਰਸਿਟੀ ਪ੍ਰੈੱਸ, ਰੂਟਲੈਜ, ਵਾਈਕਿੰਗ ਪੈਂਗੂਇਨ, ਹਾਰਪਰ ਕੌਲਿਨਜ਼, ਕੈਂਬਰਿਜ਼ ਯੂਨੀਵਰਸਿਟੀ ਪ੍ਰੈੱਸ, ਪੈਨ ਮੈਕਮਿਲਨ ਇੰਡੀਆ ਵਰਗੇ ਕੌਮਾਂਤਰੀ ਪੱਧਰ ਦੇ ਮਿਆਰੀ ਪ੍ਰਕਾਸ਼ਨ ਸਮੂਹਾਂ ਵਲੋਂ ਪ੍ਰਕਾਸ਼ਿਕ ਕੀਤੀਆਂ ਡੂੰਘੀ ਖੋਜ ਅਤੇ ਇਤਿਹਾਸਕ ਤੱਥਾਂ ’ਤੇ ਆਧਾਰਿਤ ਇਨ੍ਹਾਂ ਕਿਤਾਬਾਂ ਨੂੰ ‘ਝੂਠੇ ਬਿਰਤਾਂਤ’ ਤੇ ‘ਵੱਖਵਾਦ’ ਨੂੰ ਪ੍ਰਚਾਰਨ ਵਾਲਾ ‘ਗੁੰਮਰਾਹਕੁਨ’ ਸਾਹਿਤ ਕਰਾਰ ਦੇ ਕੇ ਪਾਬੰਦੀ ਲਾਉਣਾ ਭਾਜਪਾ ਸਰਕਾਰ ਦੀ ਫਾਸ਼ੀਵਾਦੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ।