Hambran Road ਦੀ ਖ਼ਸਤਾ ਹਾਲਤ ਖ਼ਿਲਾਫ਼ ਮੁਜ਼ਾਹਰਾ
ਸੜਕ ’ਤੇ ਵੱਡੇ-ਵੱਡੇ ਖੱਡੇ ਅਤੇ ਖ਼ਰਾਬ ਸੀਵਰੇਜ ਪ੍ਰਬੰਧ ਕਾਰਨ ਲੋਕ ਪ੍ਰੇਸ਼ਾਨ
ਹੰਬੜਾਂ ਰੋਡ ਦੀ ਬਦਹਾਲੀ, ਸੜਕਾਂ ’ਤੇ ਪਏ ਵੱਡੇ-ਵੱਡੇ ਖੱਡਿਆਂ, ਪਾਣੀ ਭਰਨ ਅਤੇ ਖ਼ਰਾਬ ਸੀਵਰੇਜ ਪ੍ਰਬੰਧ ਕਾਰਨ ਪੈਦਾ ਹੋਈਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਵੱਲੋਂ ਅੱਜ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਪ੍ਰਦਰਸ਼ਨ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਚੋਪੜਾ ‘ਲੱਕੀ’ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਮਨੀਸ਼ ਚੋਪੜਾ ਲੱਕੀ ਅਤੇ ਨਰਿੰਦਰ ਸਿੰਘ ਮੱਲੀ ਨੇ ਕਿਹਾ ਕਿ ਹੰਬੜਾਂ ਰੋਡ ਦੀ ਹਾਲਤ ਲੰਮੇ ਸਮੇਂ ਤੋਂ ਬੇਹੱਦ ਖ਼ਰਾਬ ਚੱਲ ਰਹੀ ਹੈ। ਸੜਕ ਦੀ ਟੁੱਟ-ਭੱਜ ਅਤੇ ਗੰਦੇ ਪਾਣੀ ਦੇ ਨਿਕਾਸ ਦੀ ਘਾਟ ਕਾਰਨ ਇੱਥੋਂ ਲੰਘਣ ਵਾਲੇ ਪੈਦਲ ਯਾਤਰੀਆਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਦਿਨਾਂ ਵਿੱਚ ਇਹ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ, ਜਿਸ ਨਾਲ ਰੋਜ਼ਾਨਾ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਭਾਜਪਾ ਆਗੂਆਂ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਸਿਰਫ਼ ਇਸ਼ਤਿਹਾਰਾਂ ਵਿੱਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਸੜਕ ਦੀ ਮੁਰੰਮਤ ਅਤੇ ਸੀਵਰੇਜ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ, ਤਾਂ ਭਾਜਪਾ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਤਿੱਖਾ ਕਰੇਗੀ। ਇਸ ਮੌਕੇ ਮਿੱਠੂ ਚੱਢਾ, ਜਤਿਨ ਸ਼ਰਮਾ, ਕਮਲ ਸ਼ਰਮਾ, ਸ੍ਰੀਮਤੀ ਮੋਨਾ ਅਤੇ ਰਾਜਨ ਸ਼ਰਮਾ ਹਾਜ਼ਰ ਸਨ।
