ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 28 ਜੁਲਾਈ
ਇੱਥੋਂ ਨੇੜਲੇ ਪਿੰਡ ਢੋਲਣ ’ਚ ਭਗਵਾਨ ਵਾਲਮੀਕਿ ਦੀ ਮੂਰਤੀ ਖੁਰਦ ਬੁਰਦ ਕਰਨ ਅਤੇ ਬੇਅਦਬੀ ਕੀਤੇ ਜਾਣ ਦੇ ਰੋਸ ਵਜੋਂ ਵਾਲਮੀਕਿ ਸਮਾਜ ਨੇ ਹੱਥਾਂ ’ਚ ਕਾਲੀਆਂ ਝੰਡੀਆਂ ਫੜ ਕੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਦੀ ਅਗਵਾਈ ਹੇਠ ਧਰਨਾ ਦਿੱਤਾ। ਐੱਸਐੱਸਪੀ ਦਫ਼ਤਰ ਦੇ ਘਿਰਾਓ ਸਮੇਂ ਨਾਅਰੇਬਾਜ਼ੀ ਕਰਦਿਆਂ ਪੁਲੀਸ ਉੱਤੇ ਦੋ ਦਿਨ ਪਹਿਲਾਂ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਗਏ।
ਧਰਨੇ ’ਚ ਸਫ਼ਾਈ ਕਰਮਚਾਰੀ ਯੂਨੀਅਨ ਦੇ ਕਾਰਕੁਨ ਵੀ ਸ਼ਾਮਲ ਹੋਏ। ਪੁਲੀਸ ਕਪਤਾਨ ਵੱਲੋਂ ਕਾਰਵਾਈ ਦਾ ਭਰੋਸਾ ਦੇਣ ’ਤੇ ਇਹ ਧਰਨਾ ਚੁੱਕ ਲਿਆ ਗਿਆ। ਧਰਨੇ ਦੌਰਾਨ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਪਿੰਡ ਢੋਲਣ ਦੀ ਧਰਮਸ਼ਾਲਾ ’ਚ ਮੰਦਰ ਅੰਦਰ ਸਥਾਪਤ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਦੀ ਬੇਅਦਬੀ ਹੋਈ ਅਤੇ ਉਸ ਨੂੰ ਚੋਰੀ ਕਰਨ ਕਰਕੇ ਸਮੁੱਚੇ ਭਾਈਚਾਰੇ ’ਚ ਰੋਹ ਦੀ ਭਾਵਨਾ ਹੈ। ਮੰਦਰ ਦੀ ਸੇਵਾਦਾਰ ਮਨਜੀਤ ਕੌਰ ਦੀ ਅਗਵਾਈ ’ਚ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਦੋ ਦਿਨ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਵਾਲਮੀਕਿ ਸਮਾਜ ਅਜਿਹੀ ਕਿਸੇ ਵੀ ਘਟੀਆ ਹਰਕਤ ਨੂੰ ਬਰਦਾਸ਼ਤ ਨਹੀਂ ਕਰੇਗਾ। ਹੁਣ ਵੀ ਜੇਕਰ ਪੁਲੀਸ ਨੇ ਇਸ ਮਾਮਲੇ ’ਚ ਸਬੰਧਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਗ੍ਰਿਫ਼ਤਾਰ ਨਾ ਕੀਤਾ ਤਾਂ ਵੱਡਾ ਸੰਘਰਸ਼ ਵਿੱਢਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
ਡੇਢ ਘੰਟੇ ਤੱਕ ਚੱਲੇ ਰੋਸ ਪ੍ਰਦਰਸ਼ਨ ਦੌਰਾਨ ਐੱਸਪੀ ਗੁਰਬਾਜ਼ ਸਿੰਘ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਜਿਸ ’ਤੇ ਧਰਨਾ ਚੁੱਕ ਲਿਆ ਗਿਆ।